ਅਧਿਆਪਕਾਂ ਅਤੇ ਮੁਲਾਜ਼ਮਾਂ ‘ਤੇ No work, No Pay ਦੇ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਫੈਸਲੇ ਦੀ DTF ਵੱਲੋਂ ਨਿਖੇਧੀ
‘ਕੰਮ ਨਹੀਂ ਤਨਖਾਹ ਨਹੀਂ’ ਵਰਗੇ ਪੱਤਰ ਜਾਰੀ ਕਰਕੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ: ਡੀ ਟੀ ਐੱਫ
ਧਰਨਿਆਂ ਵਿੱਚ ਬੈਠ ਕੇ ਸੱਤਾ ਹੜੱਪਣ ਵਾਲੀ ਆਮ ਆਦਮੀ ਪਾਰਟੀ ਸੰਘਰਸ਼ਾਂ ਦੇ ਰਾਹ ਵਿੱਚ ਰੁਕਾਵਟਾਂ ਡਾਹੁਣ ਲੱਗੀ
ਦਲਜੀਤ ਕੌਰ, ਸੰਗਰੂਰ
ਸਕੱਤਰ ਸਕੂਲ ਸਿੱਖਿਆ, ਪੰਜਾਬ ਨੇ ਸੰਘਰਸ਼ਾਂ ਵਿੱਚ ਹਿੱਸਾ ਬਣ ਰਹੇ ਅਧਿਆਪਕਾਂ ਅਤੇ ਵਿਭਾਗ ਦੇ ਹੋਰ ਮੁਲਾਜ਼ਮਾਂ ਦੇ ਸਬੰਧ ਵਿੱਚ ਪੱਤਰ ਜਾਰੀ ਕਰਦਿਆਂ ਉਨ੍ਹਾਂ ‘ਤੇ ਸਖ਼ਤੀ ਨਾਲ ‘ਕੰਮ ਨਹੀਂ ਤਨਖਾਹ ਨਹੀਂ’ ਦਾ ਨਿਯਮ ਲਾਗੂ ਕਰਨ ਦੇ ਹੁਕਮ ਦਿੱਤੇ ਹਨ।
ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜਨਰਲ ਸਕੱਤਰ ਅਮਨ ਵਸ਼ਿਸ਼ਟ ਨੇ ਇਸ ਪੱਤਰ ਨੂੰ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਵਾਲਾ ਐਲਾਨਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦਾ ਝੂਠਾ ਦਾਅਵਾ ਕਰਦੀ ਹੈ ਜਦਕਿ ਅਸਲੀਅਤ ਵਿੱਚ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ਾਂ ਦੇ ਰਾਹ ਪੈਣਾ ਪੈ ਰਿਹਾ ਹੈ।
ਦਫ਼ਤਰੀ ਕਰਮਚਾਰੀ, ਕੰਪਿਊਟਰ ਅਧਿਆਪਕ, ਸੀ ਐਂਡ ਵੀ ਕਾਡਰ ਅਧਿਆਪਕ, ਪ੍ਰਮੋਟ ਹੋਏ ਅਧਿਆਪਕ ਸੰਘਰਸ਼ ਦੇ ਰਾਹ ਪਏ ਹੋਏ ਹਨ। ਇਨ੍ਹਾਂ ਅਧਿਆਪਕਾਂ ਅਤੇ ਮੁਲਾਜ਼ਮਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਧਰਨਿਆਂ ਵਿੱਚ ਸ਼ਾਮਲ ਹੋਣ ਵਾਲੇ ਅਧਿਆਪਕਾਂ ਨੂੰ ਧਰਨਿਆਂ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ‘ਕੰਮ ਨਹੀਂ ਤਨਖਾਹ ਨਹੀਂ’ ਵਰਗੇ ਹੱਥਕੰਡੇ ਅਪਣਾ ਰਹੀ ਹੈ। ਇਸੇ ਦਿਸ਼ਾ ਵਿੱਚ ਸਿੱਖਿਆ ਸਕੱਤਰ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ।
ਡੀਟੀਐੱਫ ਆਗੂ ਕਰਮਜੀਤ ਨਦਾਮਪੁਰ, ਕਮਲਜੀਤ ਬਨਭੌਰਾ, ਸੁਖਵੀਰ ਖਨੌਰੀ, ਕੁਲਵੰਤ ਖਨੌਰੀ, ਰਾਜ ਸੈਣੀ, ਰਵਿੰਦਰ ਦਿੜਬਾ, ਦੀਨਾ ਨਾਥ, ਬਲਵਿੰਦਰ ਸਤੌਜ ਅਤੇ ਮਨੋਜ ਲਹਿਰਾ ਨੇ ਮੰਗ ਕੀਤੀ ਕਿ ‘ਕੰਮ ਨਹੀਂ ਤਨਖਾਹ ਨਹੀਂ’ ਨਿਯਮ ਲਾਗੂ ਕਰਨ ਦੀ ਥਾਂ ਸਰਕਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਅਤੇ ਉਨ੍ਹਾਂ ਦਾ ਬਣਦਾ ਹੱਲ ਕੱਢੇ, ਨਹੀਂ ਤਾਂ ਡੈਮੋਕਰੈਟਿਕ ਟੀਚਰਜ ਫਰੰਟ ਨੂੰ ਸਖਤ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।