ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ SKM ਵੱਲੋਂ ਪੰਜਾਬ ਭਰ ‘ਚ ਧਰਨੇ

All Latest NewsNews FlashPunjab News

 

ਵਰ੍ਹਦੇ ਮੀਂਹ ਦੌਰਾਨ ਹਰ ਥਾਂ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨ

ਕੇਂਦਰ ਸਰਕਾਰ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਮੰਗ

ਕੌਮੀ ਖੇਤੀ ਮੰਡੀਕਰਨ ਨੀਤੀ ਹਰਗਿਜ਼ ਲਾਗੂ ਨਹੀਂ ਹੋਣ ਦਿਆਂਗੇ

ਦਲਜੀਤ ਕੌਰ, ਚੰਡੀਗੜ੍ਹ:

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ। ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਡੀਸੀ ਦਫਤਰਾਂ ਤੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ। ਭਾਵੇਂ ਕਿ ਪੰਜਾਬ ਵਿੱਚ ਮੌਸਮ ਖਰਾਬ ਸੀ ਇਸ ਦੇ ਬਾਵਜੂਦ ਵਰ੍ਹਦੇ ਮੀਂਹ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਜ਼ਿਲਾ ਹੈਡ ਕੁਆਰਟਰਾਂ ਤੇ ਇਕੱਠੇ ਹੋਏ, ਆਪਣੀਆਂ ਮੰਗਾਂ ਨੂੰ ਦੁਹਰਾਇਆ ਅਤੇ ਮੰਗ ਪੱਤਰ ਪੇਸ਼ ਕੀਤੇ ਗਏ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਹੈਡ ਕੁਆਰਟਰ ਤੇ ਪਹੁੰਚੀਆਂ ਖਬਰਾਂ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਪੰਜਾਬ ਵਿੱਚ ਪੂਰੀ ਤਰ੍ਹਾਂ ਸਫਲ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਨੂੰ ਸੁਣਵਾਈ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰੇ ਅਤੇ ਮੰਗ ਪੱਤਰ ਵਿੱਚ ਦਿੱਤੀਆਂ ਗਈਆਂ ਮੰਗਾਂ ਤੇ ਗੌਰ ਕਰੇ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੀ ਗਈ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਫਰੇਮਵਰਕ ਨੂੰ ਕਿਸੇ ਹਾਲਤ ਵਿੱਚ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਅਸੀਂ ਦਿੱਲੀ ਦੇ ਬਾਰਡਰਾਂ ਤੇ 13 ਮਹੀਨੇ ਸੰਘਰਸ਼ ਕਰਕੇ ਜੋ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਸਨ, ਕੇਂਦਰ ਸਰਕਾਰ ਉਹਨਾਂ ਹੀ ਕਾਨੂੰਨਾਂ ਨੂੰ ਸੂਬਿਆਂ ਰਾਹੀਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰ ਸਰਕਾਰ ਦੀ ਇਸ ਸਾਜਿਸ਼ ਦੇ ਖਿਲਾਫ ਆਉਣ ਵਾਲੇ ਸਮੇਂ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਪੱਧਰ ਤੇ ਤਕੜਾ ਸੰਘਰਸ਼ ਸ਼ੁਰੂ ਕਰੇਗਾ।

ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਸੰਘਰਸ਼ ਲੜ ਰਹੇ ਕਿਸਾਨਾਂ ਨਾਲ ਇੱਕਮੁੱਠਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਵੱਲੋਂ ਜੋ ਗੱਲਬਾਤ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸਕੇਐੱਮ (ਗੈਰ ਰਾਜਨੀਤਿਕ) ਨਾਲ ਕੀਤੀ ਗਈ ਹੈ, ਉਸ ਅਨੁਸਾਰ ਏਕਤਾ ਦੀ ਗੱਲਬਾਤ ਹੋਰ ਅੱਗੇ ਵਧਣ ਦੀਆਂ ਸੰਭਾਵਨਾਵਾਂ ਹਨ।

ਕਿਸਾਨਾਂ ਨੇ ਆਪਣੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਗੱਲਬਾਤ ਸ਼ੁਰੂ ਕਰੇ, ਸੰਘਰਸ਼ ਕਰ ਰਹੇ ਕਿਸਾਨਾਂ ਤੇ ਜ਼ਬਰ ਬੰਦ ਕਰੇ, ਕੌਮੀ ਖੇਤੀ ਮੰਡੀਕਰਨ ਨੀਤੀ ਰੱਦ ਕਰੇ, ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਕਿਸਾਨਾਂ ਨੂੰ ਲਕਸ਼ਰ ਜੇਲ੍ਹ ਵਿੱਚੋਂ ਰਿਹਾਅ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਮੰਨੇ ਅਤੇ ਦਿੱਲੀ ਘੋਲ ਵੇਲੇ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰੇ।

ਵੱਖ-ਵੱਖ ਥਾਵਾਂ ਤੇ ਇਹਨਾਂ ਰੋਸ ਧਰਨਿਆਂ ਨੂੰ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਦੇ ਸੂਬਾਈ ਅਤੇ ਜ਼ਿਲਿਆਂ ਦੇ ਆਗੂਆਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਡਾਕਟਰ ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾ: ਸਤਨਾਮ ਸਿੰਘ ਅਜਨਾਲਾ, ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ, ਫੁਰਮਾਨ ਸਿੰਘ ਸੰਧੂ, ਪ੍ਰੇਮ ਸਿੰਘ ਭੰਗੂ, ਮਲੂਕ ਸਿੰਘ ਹੀਰਕੇ, ਬਲਕਰਨ ਸਿੰਘ ਬਰਾੜ, ਨਛੱਤਰ ਸਿੰਘ ਜੈਤੋ, ਬਲਵਿੰਦਰ ਸਿੰਘ ਰਾਜੂ, ਸੁੱਖ ਗਿੱਲ ਮੋਗਾ,ਬੋਘ ਸਿੰਘ ਮਾਨਸਾ, ਸੁਖਦੇਵ ਸਿੰਘ ਅਰਾਈਆਂ ਵਾਲਾ, ਬੂਟਾ ਸਿੰਘ ਸ਼ਾਦੀਪੁਰ, ਕੁਲਦੀਪ ਸਿੰਘ ਬਜੀਦਪੁਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਿੰਦਰ ਸਿੰਘ ਗੋਲੇ ਵਾਲਾ, ਹਰਬੰਸ ਸਿੰਘ ਸੰਘਾ, ਹਰਦੇਵ ਸਿੰਘ ਸੰਧੂ, ਹਰਜਿੰਦਰ ਸਿੰਘ ਟਾਂਡਾ, ਵੀਰ ਸਿੰਘ ਵੜਬਾ ਅਤੇ ਮੇਜਰ ਸਿੰਘ ਪੁੰਨਾਂਵਾਲ ਸ਼ਾਮਿਲ ਹਨ।

Media PBN Staff

Media PBN Staff

Leave a Reply

Your email address will not be published. Required fields are marked *