ਪੰਜਾਬ ਸਰਕਾਰ ਦਾ ਸਖ਼ਤ ਹੁਕਮ! ਹੁਣ ਬਿਨਾਂ ਪ੍ਰਵਾਨਗੀ ਨਹੀਂ ਲੱਗਣਗੇ ਖੂਨਦਾਨ ਕੈਂਪ
ਪੰਜਾਬ ਨੈੱਟਵਰਕ, ਫ਼ਤਹਿਗੜ੍ਹ ਸਾਹਿਬ
ਫ਼ਤਹਿਗੜ੍ਹ ਸਾਹਿਬ ਵਿਖੇ 25 ਦਸੰਬਰ ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਬਿਨਾਂ ਪ੍ਰਵਾਨਗੀ ਖੂਨਦਾਨ ਕੈਂਪ ਲਗਾਉਣ ਖਿਲਾਫ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ।
ਦਰਅਸਲ, ਡੀਸੀ ਡਾ: ਸੋਨਾ ਥਿੰਦ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਤੇ ਹੋਰ ਅਧਿਕਾਰੀਆਂ ਦੀ ਟੀਮ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਲੱਗੇ ਖੂਨਦਾਨ ਕੈਂਪਾਂ ਦਾ ਜ਼ਮੀਨੀ ਪੱਧਰ ਤੇ ਜਾਇਜ਼ਾ ਲਿਆ।
ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਲੱਗੇ ਖੂਨਦਾਨ ਕੈਂਪ ਦੇ ਪ੍ਰਬੰਧਕਾਂ ਤੋਂ ਜਦੋਂ ਡਿਪਟੀ ਕਮਿਸ਼ਨਰ ਨੇ ਲੋੜੀਂਦੀਆਂ ਪ੍ਰਵਾਨਗੀਆਂ ਵਿਖਾਉਣ ਲਈ ਕਿਹਾ ਤਾਂ ਪ੍ਰਬੰਧਕ ਪ੍ਰਵਾਨਗੀਆਂ ਵਿਖਾਉਣ ਤੋਂ ਅਸਮਰੱਥ ਰਿਹੇ, ਜਿਸ ਤੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹਾਜ਼ਰ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ, ਵਿਸ਼ਾਲ ਵਰਮਾ ਨੂੰ ਆਦੇਸ਼ ਦੇ ਕੈਂਪ ਮੌਕੇ ਤੇ ਹੀ ਬੰਦ ਕਰਵਾ ਦਿੱਤਾ।
ਇਸ ਮੌਕੇ ਡਾ: ਸੋਨਾ ਥਿੰਦ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਕੁਝ ਸੰਸਥਾਵਾਂ/ਵਿਅਕਤੀ ਬਿਨਾਂ ਪ੍ਰਵਾਨਗੀ ਖੂਨਦਾਨ ਕੈਂਪ ਲਗਾ ਕੇ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਉਨ੍ਹਾਂ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਜ਼ਮੀਨੀ ਪੱਧਰ ਤੇ ਕੈਂਪਾਂ ਦੀ ਜਾਂਚ ਕੀਤੀ।
ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਹਰੇਕ ਸਾਲ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਦੌਰਾਨ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨਾਂ ਪ੍ਰਵਾਨਗੀਆਂ ਖੂਨਦਾਨ ਕੈਂਪ ਲਗਾਉਣ ਦੇ ਮਾਮਲੇ ਵਿੱਚ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਬਣਾ ਕੇ ਲਗਾਏ ਗਏ ਖੂਨਦਾਨ ਕੈਂਪਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਤਾੜਨਾ ਕੀਤੀ ਕਿ ਸ਼ਹੀਦੀ ਸਭਾ ਮੌਕੇ ਕਿਸੇ ਵੱਲੋਂ ਵੀ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਤੋਂ ਗੁਰੇਜ਼ ਕੀਤਾ ਜਾਵੇ।