Punjab Bandh: 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਸਾਰੇ ਦਫ਼ਤਰਾਂ, ਰੇਲ-ਸੜਕੀ ਆਵਜਾਈ ਵੀ ਰਹੇਗੀ ਠੱਪ
ਪੰਜਾਬ ਨੈੱਟਵਰਕ, ਚੰਡੀਗੜ੍ਹ
Punjab Bandh: ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਇਸ ਦੌਰਾਨ ਕਿਸਾਨਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੋਮਵਾਰ ਯਾਨੀ 30 ਦਸੰਬਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰੇ ਬੰਦ ਰਹਿਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਮੁਲਾਜ਼ਮ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ ਹੈ। ਪੰਜਾਬ ਬੰਦ ਦਾ ਐਲਾਨ ਹਰ ਪਿੰਡ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਨੂੰ ਹਰ ਜਥੇਬੰਦੀ ਦਾ ਸਮਰਥਨ ਮਿਲ ਰਿਹਾ ਹੈ ਅਤੇ ਅਸੀਂ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਭਲਕੇ ਕਿਸਾਨ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪੰਜਾਬ ਬੰਦ ਦੀ ਅਪੀਲ ਕਰਨਗੇ।
ਪੰਧੇਰ ਨੇ ਕਿਹਾ ਕਿ ਪੰਜਾਬ ਭਰ ਵਿੱਚ ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਇਹ ਬੰਦ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ।