ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ 18 ਜ਼ਿਲ੍ਹਿਆਂ ‘ਚ 50 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ
ਦਲਜੀਤ ਕੌਰ, ਚੰਡੀਗੜ੍ਹ:
ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੱਧਰ ‘ਤੇ ਤਾਲਮੇਲ ਵਜੋਂ 18 ਜ਼ਿਲ੍ਹਿਆਂ ‘ਚ ਲਗਭਗ 50 ਥਾਵਾਂ ‘ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੇ ਗਏ।
ਇਸ ਸੰਬੰਧੀ ਜਥੇਬੰਦੀ ਵੱਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਦੇ ਰੋਸ ਪ੍ਰਦਰਸ਼ਨਾਂ ਵਿੱਚ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਕਈ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀਆਂ ਮੰਗਾਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਿਸਾਨਾਂ ਸਮੇਤ ਖੇਤ/ਪੇਂਡੂ ਮਜ਼ਦੂਰਾਂ ਲਈ ਤਬਾਹਕੁੰਨ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ; ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ।
ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਲਗਾਤਾਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਉਨ੍ਹਾਂ ਨੂੰ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ੇ ਖਤਮ ਕਰਵਾਉਣ; ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕਰਵਾਉਣ।
ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਕਰਵਾਉਣ; ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕਰਵਾਉਣ; ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਨੇ ਕਿਸਾਨਾ ਮਜ਼ਦੂਰਾਂ ਨੂੰ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਤੇ ਖਾੜਕੂ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ।
ਅੱਜ ਦੇ ਪ੍ਰਦਰਸ਼ਨਾਂ ਨੂੰ ਵੱਖ-ਵੱਖ ਪੱਧਰ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾਈ ਔਰਤ ਆਗੂ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ/ਬਲਾਕਾਂ ਦੇ ਪ੍ਰਧਾਨ ਤੇ ਸਕੱਤਰ ਨੇ ਸੰਬੋਧਨ ਕੀਤਾ।