ਪੰਜਾਬ ਪੁਲਿਸ ਦਾ ਥਾਣੇਦਾਰ 5,000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ।
ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿਲਾਂ ਵੀ 1500 ਰੁਪਏ ਲੈ ਲਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।