ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਵਿਸ਼ਾਲ ਮੀਟਿੰਗ ‘ਚ 9 ਜਨਵਰੀ ਨੂੰ ਮੋਗਾ ਰੈਲੀ ‘ਚ ਜਾਣ ਦੀ ਤਿਆਰੀ!
ਕੇਂਦਰ ਸਰਕਾਰ ਵੱਲੋਂ ਲਿਆਂਦੀ ਨਵੀਂ ਖੇਤੀ ਨੀਤੀ ਨਹੀਂ ਲਾਗੂ ਹੋਣ ਦੇਵਾਂਗੇ – ਗੁਰਮੀਤ ਮਹਿਮਾ
ਪੰਜਾਬ ਨੈੱਟਵਰਕ, ਫਿਰੋਜ਼ਪੁਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਚਾਰ ਬਲਾਕਾਂ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਮੀਤ ਪ੍ਰਧਾਨ ਦਿਲਬਾਗ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪਿੰਡ ਸੁਰ ਸਿੰਘ ਵਾਲਾ ਵਿੱਚ ਹੋਈ।
ਮੀਟਿੰਗ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਅਤੇ ਜਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਆਂ ਸਮੇਤ ਵੱਖ ਵੱਖ ਬਲਾਕਾਂ ਦੇ ਪ੍ਰਧਾਨ ਆਪਣੇ ਇਲਾਕੇ ਦੇ ਕਿਸਾਨ ਆਗੂਆਂ ਸਮੇਤ ਸ਼ਾਮਲ ਹੋਏ। ਮੀਟਿੰਗ ਵਿੱਚ ਵਿਚਾਰ ਚਰਚਾ ਤੋਂ ਬਾਅਦ 9 ਜਨਵਰੀ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋ ਕੀਤੀ ਜਾਂ ਰਹੀ ਰੈਲੀ ਦੀਆਂ ਤਿਆਰੀਆਂ ਕੀਤੀਆਂ ਗਈਆਂ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਦਿੱਲੀ ਅੰਦੋਲਨ ਵੇਲੇ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਿਕ ਐਮ ਐੱਸ ਪੀ ਦਾ ਗਾਰੰਟੀ ਕਾਨੂੰਨ ਬਣਾਉਣ ਤੋਂ ਹੱਥ ਖਿੱਚ ਲਏ ਹਨ|
ਉਹਨਾਂ ਕਿਹਾ ਕਿ ਇਕ ਪਾਸੇ ਕਿਸਾਨ ਕਰਜ ਮੁਕਤੀ ਅਤੇ ਫਸਲਾਂ ਦੇ ਭਾਅ ਲਈ ਲੜ ਰਹੇ ਹਨ, ਓਥੇ ਕਿਸਾਨਾਂ ਦੀਆਂ ਮੰਗਾ ਮੰਨਣ ਦੀ ਬਜਾਏ ਨਵੀਂ ਕੌਮੀ ਖੇਤੀ ਨੀਤੀ ਲਿਆ ਕੇ ਰਾਜਾਂ ਦੀਆਂ ਸਰਕਾਰਾਂ ਨੂੰ ਜਲਦ ਲਾਗੂ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਜਿਸਦਾ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਨੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ।
ਉਹਨਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਹਜਾਰਾਂ ਕਿਸਾਨ ਇਸ ਰੈਲੀ ਵਿੱਚ ਸ਼ਾਮਲ ਹੋਣਗੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦੇਣ ਦੇ ਨਾਲ ਹੀ ਪੰਜਾਬ ਸਮੇਤ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਸ ਨੀਤੀ ਦਾ ਜਬਰਦਸਤ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਬਲਾਕ ਘੱਲ ਖੁਰਦ ਦੇ ਪ੍ਰਧਾਨ ਗੁਰਜੱਜ ਸਿੰਘ ਸਾਂਦੇ ਹਾਸ਼ਮ, ਬਲਾਕ ਜ਼ੀਰਾ ਦੇ ਪ੍ਰਧਾਨ ਨਛੱਤਰ ਸਿੰਘ ਮਲਸੀਆਂ, ਮੱਲਾਂਵਾਲਾ ਬਲਾਕ ਦੇ ਸਕੱਤਰ ਗੁਰਬਚਨ ਸਿੰਘ ਮੱਲਾਂਵਾਲਾ, ਤਲਵੰਡੀ ਬਲਾਕ ਦੇ ਪ੍ਰਧਾਨ ਲਖਵਿੰਦਰ ਸਿੰਘ ਆਦਿ ਦੀ ਅਗਵਾਈ ਵਿੱਚ ਦਰਜਨਾਂ ਕਿਸਾਨ ਆਗੂ ਹਾਜ਼ਰ ਹੋਏ।