All Latest NewsNews FlashPunjab News

ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਤੁਰੰਤ ਪੂਰਾ ਕਰੇ: ਡੈਮੋਕ੍ਰੇਟਿਕ ਟੀਚਰਜ਼ ਫਰੰਟ

 

ਪੰਜਾਬ ਨੈੱਟਵਰਕ, ਬਠਿੰਡਾ

ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਲਗਾਤਾਰ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਸੁਣਵਾਈ ਕਰਨ ਤੋਂ ਪੰਜਾਬ ਸਰਕਾਰ ਦੀ ਲਗਾਤਾਰ ਟਾਲਮਟੋਲ ਦੀ ਨੀਤੀ ਦਾ ਡਟਵਾਂ ਵਿਰੋਧ ਕਰਦੇ ਹੋਏ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਠਿੰਡਾ ਨੇ ਸਰਕਾਰ ਦੀ ਇਸ ਨੀਤੀ ਨੂੰ ਕੱਟੜ ਤਾਨਾਸ਼ਾਹੀ ਕਰਾਰ ਦਿੱਤਾ ਹੈ।

ਆਪ ਸਰਕਾਰ ਦੀ ਡੰਗ ਟਪਾਊ ਨੀਤੀ ਦੀ ਜੋਰਦਾਰ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਹਰ ਰੰਗ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਸਿਵਾਏ ਲਾਰਿਆਂ ਦੇ ਕੁਝ ਵੀ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਤਤਕਾਲੀ ਰਾਜਪਾਲ ਪੰਜਾਬ ਵੱਲੋਂ ਕੀਤਾ ਗਿਆ ਸੀ, ਇਸਦੇ ਬਾਵਜੂਦ ਵੀ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਜਬਰੀ ਪਿਕਟਿਸ ਸੋਸਾਇਟੀ ਅਧੀਨ ਰੱਖਿਆ ਗਿਆ ਹੈ।

ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਕੰਪਿਊਟਰ ਅਧਿਆਪਕ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਹੱਕੀ ਘੋਲ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਉਕਤ ਜੱਥੇਬੰਦੀ ਦੇ ਆਗੂ ਜੌਨੀ ਸਿੰਗਲਾ ਨੂੰ ਲੱਗਭਗ 2 ਹਫਤੇ ਮਰਨ ਵਰਤ ਤੇ ਬੈਠੇ ਨੂੰ ਬੀਤ ਚੁੱਕੇ ਹਨ, ਪ੍ਰੰਤੂ ਪੰਜਾਬ ਸਰਕਾਰ ਜਾਣਬੁੱਝ ਕੇ ਮਸਲੇ ਦਾ ਹੱਲ ਕਰਨ ਦੀ ਥਾਂ ਮਸਲਾ ਉਲਝਾਉਣ ਦੇ ਰਾਹ ਤੁਰੀ ਹੋਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਵਿੱਚੋਂ ਕਾਫੀ ਸਾਰੇ ਅਧਿਆਪਕ ਵਿਭਾਗ ਵਿੱਚੋਂ ਖਾਲੀ ਹੱਥ ਸੇਵਾ ਮੁਕਤ ਹੋ ਚੁੱਕੇ ਹਨ, ਜੇਕਰ ਇਹੀ ਹਾਲ ਰਿਹਾ ਤਾਂ ਬਾਕੀ ਵੀ ਇਸੇ ਤਰ੍ਹਾਂ ਵਿਭਾਗ ਵਿੱਚੋਂ ਸੇਵਾ ਮੁਕਤੀ ਲੈਣਗੇ। ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਤੋਂ ਪੁਰਜ਼ੋਰ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਪੂਰੇ ਤਨਖਾਹ ਸਕੇਲਾਂ ਸਮੇਤ ਮਰਜ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ੇਕਰ ਮਰਨ ਵਰਤ ਤੇ ਬੈਠੇ ਆਗੂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਆਗੂ ਬਲਜਿੰਦਰ ਕੌਰ, ਰਣਦੀਪ ਕੌਰ ਖਾਲਸਾ, ਬਲਾਕ ਪ੍ਰਧਾਨ ਭੋਲਾ ਤਲਵੰਡੀ, ਰਾਜਵਿੰਦਰ ਸਿੰਘ ਜਲਾਲ, ਭੁਪਿੰਦਰ ਸਿੰਘ ਮਾਈਸਰਖਾਨਾ, ਬਲਕਰਨ ਕੋਟ ਸ਼ਮੀਰ, ਅਸ਼ਵਨੀ ਕੁਮਾਰ ਆਦਿ ਨੇ ਕੰਪਿਊਟਰ ਅਧਿਆਪਕਾਂ ਦੀ ਹੱਕੀ ਸੰਘਰਸ਼ ਨਾਲ ਇੱਕ ਮੁੱਠਥਾ ਦਿਖਾਉਂਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ ਨਹੀਂ ਤਾਂ ਭਵਿੱਖ ਵਿੱਚ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

 

Leave a Reply

Your email address will not be published. Required fields are marked *