All Latest NewsNews FlashPunjab News

ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਅੱਗੇ ਕੀਤਾ ਪਿੱਟ ਸਿਆਪਾ

 

ਕੰਪਿਊਟਰ ਅਧਿਆਪਕ ਹੁਣ 11 ਜਨਵਰੀ ਨੂੰ ਸੁਨਾਮ ਵਿਖੇ ਫੂਕਣਗੇ 2100 ਝਾੜੂ

ਦਲਜੀਤ ਕੌਰ, ਪੰਜਾਬ ਨੈੱਟਵਰਕ/ਅਨੰਦਪੁਰ ਸਾਹਿਬ:

ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 01 ਸਤੰਬਰ 2024 ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਕੰਪਿਊਟਰ ਅਧਿਆਪਕਾਂ ਵੱਲੋਂ ਜਿੱਥੇ 22 ਦਸੰਬਰ 2024 ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਉੱਥੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਕੰਪਿਊਟਰ ਅਧਿਆਪਕਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸੇ ਲੜੀ ਦੇ ਅਧੀਨ ਅੱਜ ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਨੇ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਕੱਠੇ ਦੇ ਘਰ ਅੱਗੇ ਵੱਡੀ ਗਿਣਤੀ ਵਿੱਚ ਇੱਕੱਠੇ ਹੋ ਕੇ ਜਬਰਦਸਤ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ।

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ, ਗੁਰਬਖਸ਼ ਲਾਲ, ਬਲਜੀਤ ਸਿੰਘ, ਰਾਕੇਸ਼ ਸੈਣੀ, ਰਜਵੰਤ ਕੌਰ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਲਾਰੇ ਲੱਬਿਆਂ ਤੋਂ ਤੰਗ ਆ ਕੇ ਉਨਾਂ ਵੱਲੋਂ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਉਹਨਾਂ ਦੱਸਿਆ ਕਿ ਉਹਨਾਂ ਵੱਲੋਂ 1 ਸਤੰਬਰ 2024 ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ।

ਪਰ ਚਾਰ ਮਹੀਨਿਆਂ ਦਾ ਲੰਬਾ ਸਮਾਂ ਬੀਤ ਜਾਣ ਮਗਰੋਂ ਵੀ ਸੂਬਾ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਮਗਰੋਂ ਉਹਨਾਂ ਦੇ ਸਾਥੀ ਜੋਨੀ ਸਿੰਗਲਾ ਵੱਲੋਂ 22 ਦਸੰਬਰ ਨੂੰ ਆਪਣਾ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਇਸ ਮਗਰੋਂ ਦੋ ਜਨਵਰੀ ਨੂੰ ਪੁਲਿਸ ਉਨਾਂ ਨੂੰ ਜ਼ਬਰਨ ਧਰਨੇ ਤੋਂ ਚੁੱਕ ਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾ ਦਿੱਤਾ ਗਿਆ, ਪਰ ਉਥੇ ਜੇਰੇ ਇਲਾਜ ਹੁੰਦੇ ਹੋਏ ਉਨ੍ਹਾਂ ਦਾ ਮਰਨ ਵਰਤ ਜਾਰੀ ਹੈ ਦੂਜੇ ਪਾਸੇ ਸੰਗਰੂਰ ਮੋਰਚੇ ਤੇ ਸਾਥੀ ਕਾਮਰੇਡ ਰਣਜੀਤ ਸਿੰਘ ਮਰਨ ਵਰਤ ਤੇ ਡਟਿਆ ਹੋਇਆ ਹੈ।

ਕੰਪਿਊਟਰ ਅਧਿਆਪਕਾਂ ਆਗੂਆਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ ਕੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਸੇ ਸਾਲ ਦਿਵਾਲੀ ਮੌਕੇ ਇਹਨਾਂ ਸਾਰੀਆਂ ਮੰਗਾਂ ਨੂੰ ਦਿਵਾਲੀ ਗਿਫਟ ਦੇ ਰੂਪ ਵਿੱਚ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਤਿੰਨ ਦਿਵਾਲੀਆਂ ਬੀਤ ਜਾਣ ਮਗਰੋਂ ਵੀ ਪੂਰਾ ਨਹੀਂ ਹੋਇਆ। ਉਹਨਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਾਰੇ ਲੱਪੇ ਵਾਲੀ ਸਰਕਾਰ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੇ ਨਾਲ ਅਣਗਿਣਤ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਹਨਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਅਤੇ ਉਹਨਾਂ ਨੂੰ ਹਰ ਮੀਟਿੰਗ ਵਿੱਚ ਝੂਠੇ ਲਾ ਰਹੇ ਤੋਂ ਇਲਾਵਾ ਕੁਝ ਵੀ ਨਹੀਂ ਮਿਲਿਆ ਜੋ ਕਿ ਸਰਕਾਰ ਦੀ ਘਟੀਆ ਕਾਰਜਸ਼ੈਲੀ ਦਾ ਪ੍ਰਤੱਖ ਪ੍ਰਮਾਣ ਹੈ।

ਕੰਪਿਊਟਰ ਅਧਿਆਪਕਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਉਨਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ ਹੈ ਉਹ ਆਪਣੇ ਹੱਕਾਂ ਦੀ ਬਹਾਲੀ ਮਗਰੋਂ ਹੀ ਸੰਘਰਸ਼ ਨੂੰ ਵਾਪਸ ਲੈਣਗੇ ਅਤੇ ਜੇਕਰ ਸਮਾਂ ਰਹਿੰਦੇ ਸੂਬਾ ਸਰਕਾਰ ਵੱਲੋਂ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਇਹ ਸੰਘਰਸ਼ ਦਿਨ ਬਦਿਨ ਤਿੱਖਾ ਹੁੰਦਾ ਜਾਵੇਗਾ। ਜਿਸਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ।

ਉਹਨਾਂ ਦੀ ਮੰਗ ਹੈ ਕਿ ਸਾਰੇ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕਰਦੇ ਹੋਏ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਉਹਨਾਂ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਡੀ ਟੀ ਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਕੈਲਾਸ਼ ਕੁਮਾਰ ਡੇਲੀ ਵੇਜ਼ ਯੂਨੀਅਨ, ਗੁਰਬਿੰਦਰ ਸਿੰਘ ਜੀ ਟੀ ਯੂ, ਮਨਪ੍ਰੀਤ ਸਿੰਘ ਅਤੇ ਗੁਰਮੀਤ ਕੌਰ ਡੀ ਟੀ ਐੱਫ, ਲਖਬੀਰ ਸਿੰਘ, ਸਤਨਾਮ ਸਿੰਘ ਰੰਧਾਵਾ, ਮਲਾਗਰ ਸਿੰਘ ਖਮਾਣੋ ਡੀ ਐਮ ਐਫ ਵਿਗਿਆਨਿਕ, ਨਰਿੰਦਰ ਜੋਤ ਸਿੰਘ ਝਾਂਗਪੁਰੀ,ਕੁਲਦੀਪ ਸਿੰਘ ਗਿੱਲ, ਜਸਵਿੰਦਰ ਸਿੰਘ ਔਜਲਾ ਡੀ ਟੀ ਐੱਫ, ਸੁਖਦੇਵ ਡਾਨੀਵਾਲ਼, ਜੋਸ਼ੀਲ ਤਿਵਾੜੀ ਡੀ ਟੀ ਐੱਫ, ਮੁਕੇਸ਼ ਕੁਮਾਰ ਡੀ ਟੀ ਐੱਫ, ਮੁਕੇਸ਼ ਕੁਮਾਰ ਡੀ ਟੀ ਐੱਫ, ਪੀ ਐਸ ਓ ਜ਼ਿਲ੍ਹਾ ਪ੍ਰਧਾਨ ਰਾਣਾ ਪ੍ਰਤਾਪ ਦੇ ਨਾਲ ਨਾਲ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕੰਪਿਊਟਰ ਅਧਿਆਪਕਾਂ ਦੇ ਪ੍ਰਤੀ ਸੂਬਾ ਸਰਕਾਰ ਦੇ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਉਹਨਾਂ ਕਿਹਾ ਉਹਨਾਂ ਸਾਂਝੇ ਰੂਪ ਵਿੱਚ ਕਿਹਾ ਕਿ ਇੱਕ ਪਾਸੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉੱਥੇ ਮੁੱਖ ਮੰਤਰੀ ਦੇ ਘਰ ਅੱਗੇ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨੂੰ ਵਿਖਾਈ ਨਹੀਂ ਦੇ ਰਹੇ ਹਨ ਜੋ ਕਿ ਨਿੰਦਣਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਵਿੱਚ 11 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਅੱਗੇ 2100 ਝਾੜੂ ਫੂਕ ਕੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

 

Leave a Reply

Your email address will not be published. Required fields are marked *