All Latest NewsNews FlashPunjab News

ਸ਼ਹੀਦ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਉਗਰਾਹਾਂ

 

ਪੰਜਾਬ ਨੈੱਟਵਰਕ, ਬਠਿੰਡਾ:

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਟੋਹਾਣਾ ਮਹਾਂਪੰਚਾਇਤ ਵਿੱਚ ਪਿੰਡ ਕੋਠਾ ਗੁਰੂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਾ ਰਹੀ ਬੱਸ ਦਾ ਹਾਦਸਾ ਵਾਪਰਨ ਕਾਰਨ ਕੋਠਾ ਗੁਰੂ ਦੀਆਂ ਸ਼ਹੀਦ ਹੋਈਆਂ ਤਿੰਨ ਔਰਤਾਂ ਅਤੇ ਜਖਮੀ ਹੋਏ ਦਰਜਨਾ ਕਿਸਾਨਾਂ ਦੇ ਮਾਮਲੇ ਵਿੱਚ ਸਰਕਾਰ ਕੋਲ ਜਥੇਬੰਦੀ ਵੱਲੋਂ ਭੇਜੀਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੋਮਵਾਰ ਤੋਂ ਬਠਿੰਡਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨੇ ਲਾਉਣ ਦਾ ਐਲਾਨ ਕਰ ਦਿੱਤਾ ਹੈ।

ਬਠਿੰਡਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਕੱਤਰ ਸਿੰਗਾਰਾ ਸਿੰਘ ਮਾਨ, ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਮੀਤ ਪ੍ਰਧਾਨ ਰੂਪ ਸਿੰਘ ਛੰਨਾ ਅਤੇ ਜਿਲਾ ਬਠਿੰਡਾ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਨੇ ਸਰਕਾਰ ਦੁਆਰਾ ਧਾਰੀ ਚੁੱਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮਸਲਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।

ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਹਾਦਸਾ ਵਾਪਰਨ ਤੋਂ ਡੇਢ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਉਹਨਾਂ ਅਤੇ ਹੋਰ ਕਿਸਾਨਾਂ ਨੂੰ ਕੜਾਕੇ ਦੀ ਠੰਡ ਵਿੱਚ ਹਸਪਤਾਲਾਂ ਤੇ ਸੜਕਾਂ ਤੇ ਰੋਲ ਰਹੀ ਹੈ।

ਉਹਨਾਂ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਰਵਈਏ ਖਿਲਾਫ ਕੱਲ੍ਹ ਤੋਂ ਬਠਿੰਡਾ ਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਲਗਾਤਾਰ ਦਿਨ ਰਾਤ ਦੇ ਧਰਨੇ ਸ਼ੁਰੂ ਕੀਤੇ ਜਾਣਗੇ ਜੋ ਕਿ ਮੰਗਾਂ ਪੂਰੀਆਂ ਹੁਣ ਤੱਕ ਜਾਰੀ ਰਹਿਣਗੇ।

ਉਹਨਾਂ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜਿਆ ਸਾਰਾ ਕਰਜ਼ਾ ਖਤਮ ਕਰਨ ,ਇਸ ਤੋਂ ਇਲਾਵਾ ਗੰਭੀਰ ਜਖਮੀਆਂ ਨੂੰ ਪੰਜ ਪੰਜ ਲੱਖ ਰੁਪਏ ਅਤੇ ਹੋਰ ਜਖਮੀਆਂ ਨੂੰ ਦੋ ਦੋ ਲੱਖ ਰੁਪਏ ਦਾ ਮੁਆਵਜ਼ਾ ਦੇਣ ਅਤੇ ਜਖਮੀਆਂ ਦਾ ਇਲਾਜ ਸਰਕਾਰੀ ਖਰਚੇ ਤੇ ਕਰਵਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਸਮੂਹ ਇਨਸਾਫ ਪਸੰਦ ਤਾਕਤਾਂ ਨੂੰ ਇਹਨਾਂ ਧਰਨਿਆਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ।

 

Leave a Reply

Your email address will not be published. Required fields are marked *