ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਕਨਵੈਨਸ਼ਨ ਕਰਨ ਦਾ ਐਲਾਨ

All Latest NewsNews FlashPunjab News

 

ਦਲਜੀਤ ਕੌਰ, ਚੰਡੀਗੜ੍ਹ/ਜਲੰਧਰ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ 30 ਜਨਵਰੀ ਨੂੰ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਸੂਬਾ ਪੱਧਰੀ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸਤੋਂ ਇਲਾਵਾ ਜਥੇਬੰਦੀ ਵਲੋਂ ਪਿੰਡਾਂ ਵਿੱਚ ਪੇਂਡੂ ਮਜ਼ਦੂਰਾਂ ਦੀ ਮੈਂਬਰਸ਼ਿਪ ਕਰਦਿਆਂ ਫ਼ਰਵਰੀ ਮਹੀਨੇ ਵਿੱਚ ਇਲਾਕ਼ਾ ਪੱਧਰੀ ਅਜਲਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।

ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲੁਕਵੇਂ ਢੰਗ ਨਾਲ ਨਵਾਂ ਖੇਤੀ ਮਾਰਕੀਟਿੰਗ ਖਰੜਾ ਲਿਆ ਕਿ ਮੁੜ ਸੂਬਿਆਂ ਦੇ ਅਧਿਕਾਰਾਂ ਨੂੰ ਦਰੜਦੇ ਹੋਏ ਖੇਤੀ ਖੇਤਰ ਉੱਪਰ ਕਾਰਪੋਰੇਟ ਘਰਾਣਿਆਂ ਨੂੰ ਅਨਾਜ ਦੀ ਖ਼ਰੀਦ ਚ ਮੁਕੰਮਲ ਕਬਜ਼ਾ ਕਰਵਾਉਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਡਰਾਫਟ ਸੂਬਿਆਂ ਨੂੰ ਪ੍ਰਾਈਵੇਟ ਸੈਕਟਰ ਜੋ ਪਹਿਲ ਦੇ ਆਧਾਰ ਉੱਤੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਤਹਿਤ ਹੋਵੇ, ਲਿਆਉਣ ਦੀ ਗੱਲ ਕਰਦਾ ਹੈ।ਜਿਸ ਤੋਂ ਸਾਫ਼ ਜ਼ਾਹਰ ਹੈ ਕਿ ਮੌਜੂਦਾ ਮੰਡੀਕਰਨ ਦੇ ਢਾਂਚੇ ਨੂੰ ਖਤਮ ਕਰਨ ਦੀ ਦਿਸ਼ਾ ਲਈ ਜਾ ਚੁੱਕੀ ਹੈ। ਪੰਜਾਬ ਵਿੱਚ ਇਹ ਲੱਖਾਂ ਮਜ਼ਦੂਰਾਂ, ਮੁਲਾਜ਼ਮਾਂ ਦੇ ਰੁਜ਼ਗਾਰ ਅਤੇ ਸੂਬੇ ਦੀ ਆਮਦਨੀ ਉੱਪਰ ਹਮਲਾ ਹੈ।

ਉਨ੍ਹਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਤਹਿਤ ਲੋੜਵੰਦ ਲੋਕਾਂ ਨੂੰ ਰਸੋਈ ਵਿੱਚ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੀਆਂ ਦਰਾਂ ਉੱਤੇ ਮੁੱਹਈਆ ਕਰਵਾਉਣ ਦਾ ਸਰਕਾਰ ਨੂੰ ਪ੍ਰਬੰਧ ਕਰਨਾ ਚਾਹੀਦਾ ਹੈ ਪ੍ਰੰਤੂ ਸਰਕਾਰ ਇਸ ਜ਼ਿੰਮੇਵਾਰੀ ਤੋਂ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਮਾਰਕੀਟਿੰਗ ਖਰੜੇ ਤਹਿਤ ਜੇਕਰ ਸਰਕਾਰ ਨੇ ਫ਼ਸਲ ਦੀ ਕੋਈ ਸਰਕਾਰੀ ਖ਼ਰੀਦ ਕਰਨੀ ਹੀ ਨਹੀਂ ਤਾਂ ਜਨਤਕ ਵੰਡ ਪ੍ਰਣਾਲੀ ਤਹਿਤ (ਪੀਡੀਐੱਸ) ਲੋੜਵੰਦ ਪਰਿਵਾਰਾਂ ਨੂੰ ਮਿਲਣ ਵਾਲੀ ਮਹਿਜ਼ ਕਣਕ ਵੀ ਬੰਦ ਹੋਵੇਗੀ।

ਉਨ੍ਹਾਂ ਕਿਹਾ ਕਿ ਬੇਜ਼ਮੀਨੇ ਮਜ਼ਦੂਰ ਸਰਕਾਰਾਂ ਦੀਆਂ ਵਿਰੋਧੀ ਨੀਤੀਆਂ ਦੇ ਚਲਦਿਆਂ ਪਹਿਲਾਂ ਹੀ ਬੇਰੁਜ਼ਗਾਰੀ, ਅਰਧ ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਹਨ ਅਤੇ ਲੱਕ ਤੋੜਵੀਂ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਨਵਾਂ ਕੇਂਦਰੀ ਖੇਤੀ ਮਾਰਕੀਟਿੰਗ ਖਰੜਾ ਲਾਗੂ ਹੋਣ ਨਾਲ ਮਜ਼ਦੂਰ ਜਮਾਤ ਦਾ ਹੋਰ ਲੱਕ ਤੋੜੇਗਾ।

ਉਨ੍ਹਾਂ ਕਿਹਾ ਕਿ ਨਵੇਂ ਕੇਂਦਰੀ ਖੇਤੀ ਮਾਰਕੀਟਿੰਗ ਖਰੜੇ ਦੇ ਦਲਿਤਾਂ/ਮਜ਼ਦੂਰਾਂ ਉੱਪਰ ਪੈਣ ਵਾਲੇ ਦੁਰਪ੍ਰਭਾਵ ਸੰਬੰਧੀ ਵਿਚਾਰ ਚਰਚਾ ਕਰਕੇ ਇਸਨੂੰ ਰੱਦ ਕਰਵਾਉਣ ਲਈ ਜਥੇਬੰਦੀ ਵਲੋਂ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਪੰਚਾਇਤਾਂ ਦੇ ਗ੍ਰਾਮ ਸਭਾ ਅਜਲਾਸਾਂ ਦੌਰਾਨ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਅਤੇ ਨਵੇਂ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਮਤੇ ਪੁਆਉਣ ਦਾ ਫ਼ੈਸਲਾ ਵੀ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਨਵੀਆਂ ਚੁਣੋਤੀਆਂ ਨੂੰ ਟਾਕਰਾ ਦੇਣ ਅਤੇ ਮਜ਼ਦੂਰ ਮੰਗਾਂ ਦੇ ਨਿਪਟਾਰੇ ਲਈ ਜਥੇਬੰਦੀ ਨੂੰ ਸਮੇਂ ਦੇ ਹਾਣ ਲਈ ਪਿੰਡਾਂ ਵਿੱਚ ਪੇਂਡੂ ਮਜ਼ਦੂਰਾਂ ਦੀ ਮੈਂਬਰਸ਼ਿਪ ਮੁਹਿੰਮ ਚਲਾਉਂਦੇ ਹੋਏ ਫ਼ਰਵਰੀ ਮਹੀਨੇ ਵਿੱਚ ਇਲਾਕਾ ਪੱਧਰੀ, ਤਹਿਸੀਲ ਪੱਧਰੀ ਅਜਲਾਸ ਕਰਨ ਦਾ ਸੱਦਾ ਵੀ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਨਵੇਂ ਕੇਂਦਰੀ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਕਨਵੈਨਸ਼ਨ ਵਿੱਚ ਸੂਬੇ ਭਰ ਤੋਂ ਸੈਂਕੜੇ ਪੇਂਡੂ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਇਸ ਮੌਕੇ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਆਗੂ ਹੰਸ ਰਾਜ ਪੱਬਵਾਂ, ਕਮਲਜੀਤ ਸਾਨਾਵਾ,ਰਾਜ ਕੁਮਾਰ ਪੰਡੋਰੀ ਅਤੇ ਮੰਗਾ ਸਿੰਘ ਵੈਰੋਕੇ ਆਦਿ ਨੇ ਵੀ ਸ਼ਮੂਲੀਅਤ ਕੀਤੀ।

 

Media PBN Staff

Media PBN Staff

Leave a Reply

Your email address will not be published. Required fields are marked *