ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ, 11 ਨੂੰ ਸੁਨਾਮ ਵਿਖੇ ਝਾੜੂ ਫੂਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਉਣ ਦੀ ਤਿਆਰੀ
ਦਲਜੀਤ ਕੌਰ, ਸੰਗਰੂਰ
ਸੰਗਰੂਰ ਵਿੱਚ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ 131 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਡੀ.ਸੀ. ਦਫ਼ਤਰ ਦੇ ਸਾਹਮਣੇ ਚੱਲ ਰਹੇ ਇਸ ਅੰਦੋਲਨ ਵਿੱਚ ਜੌਨੀ ਸਿੰਗਲਾ ਅਤੇ ਕਾਮਰੇਡ ਰਣਜੀਤ ਸਿੰਘ ਦੁਆਰਾ ਸ਼ੁਰੂ ਕੀਤਾ ਗਿਆ ਮਰਨ ਵਰਤ ਹੁਣ 19ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ। ਸ਼ਨੀਵਾਰ, 11 ਜਨਵਰੀ ਨੂੰ, ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸੁਨਾਮ ਸਥਿਤ ਨਿਵਾਸ ਦੇ ਸਾਹਮਣੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨਗੇ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਚਿੰਨ੍ਹ ‘ਝਾੜੂ’ ਨੂੰ ਵੱਡੀ ਗਿਣਤੀ ਵਿੱਚ ਫੂਕ ਕੇ “ਝੂਠੇ ਵਾਅਦਿਆਂ ਦੀ ਲੋਹੜੀ” ਮਨਾਈ ਜਾਵੇਗੀ। ਇਸ ਐਕਸ਼ਨ ਵਿੱਚ ਪ੍ਰਦੇਸ਼ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਨਾਲ ਹੋਰ ਸੰਗਠਨਾਂ ਦੇ ਆਗੂ ਅਤੇ ਕਾਰਕੁਨ ਸੁਨਾਮ ਵਿੱਚ ਸਾਮਿਲ ਹੋਣਗੇ। ਪੰਜਾਬ ਦੇ ਕੰਪਿਊਟਰ ਅਧਿਆਪਕ ਹੁਣ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਅਤੇ ਪ੍ਰਦੀਪ ਕੁਮਾਰ ਮਲੂਕਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਸਰਕਾਰ ਅਤੇ ਮੰਤਰੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਹਿਮਤੀ ਬਣਨ ਦੇ ਬਾਵਜੂਦ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਜਿਸ ਕਾਰਨ ਅਧਿਆਪਕ ਵਰਗ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ।
ਅੰਦੋਲਨ ਦੀ ਇੱਕੋ ਮੰਗ
ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਸਮੇਤ ਹੋਰ ਸਾਰੇ ਲਾਭ ਬਹਾਲ ਕਰਦੇ ਹੋਏ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ ਕੀਤਾ ਜਾਵੇ।
ਨਹੀਂ ਤਾਂ ਹੋਵੇਗਾ ਜੇਲ੍ਹ ਭਰੋ ਅੰਦੋਲਨ
ਅੰਦੋਲਨਕਾਰੀ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ, ਤਾਂ ਉਹ “ਜੇਲ੍ਹ ਭਰੋ ਅੰਦੋਲਨ” ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਉਨ੍ਹਾਂ ਦਾ ਸੰਘਰਸ਼ ਸਿਰਫ਼ ਅਧਿਆਪਕ ਵਰਗ ਦਾ ਨਹੀਂ ਰਿਹਾ ਹੈ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਕੀਤੀ ਜਾ ਰਹੀ ਬੇਇੰਸਾਫੀ ਦੇ ਖਿਲਾਫ ਪੰਜਾਬ ਦੇ ਆਮ ਲੋਕ ਵੀ ਮੋਢੇ ਨਾਲ ਮੋਢਾ ਜੋੜ ਕੇ ਕੰਪਿਊਟਰ ਅਧਿਆਪਕਾਂ ਦਾ ਸਾਥ ਦੇ ਰਹੇ ਹਨ।