ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ‘ਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਰੋਸ ਰੈਲੀ ‘ਚ ਭਰਵੀਂ ਸ਼ਮੂਲੀਅਤ ਦਾ ਫੈਸਲਾ
ਸਿੱਖਿਆ ਮੰਤਰੀ ਦੇ ਸਿੱਖਿਆ ਪ੍ਰਤੀ ਗੈਰ ਸੰਜੀਦਾ ਹੋਣ ਦੀ ਸਖ਼ਤ ਨਿਖੇਧੀ ਤੇ ਨਾਅਰੇਬਾਜ਼ੀ
ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੇ ਫੈਸਲੇ ਦਾ ਵਿਰੋਧ
ਤਰੱਕੀਆਂ ਅਤੇ ਨਿਯੁਕਤੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਦੀ ਮੰਗ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਿਖਿਆ ਮੰਤਰੀ ਵਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੇ ਸਿੱਟੇ ਵਜੋਂ ਦਿੱਤੇ ਸੱਦੇ ‘ਤੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਨਾ ਕਰਕੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਤੀ ਗੈਰ ਸੰਜੀਦਗੀ ਦਾ ਪ੍ਰਗਟਾਵਾ ਕੀਤਾ ਹੈ।
ਇਸ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜ਼ਕਾਰੀ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ, ਜਿੰਦਰ ਪਾਇਲਟ, ਪਰਮਿੰਦਰਪਾਲ ਸਿੰਘ ਕਾਲੀਆ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਆਗੂਆਂ ਵਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਸਿੱਖਿਆ ਮੰਤਰੀ ਵਲੋਂ ਮੀਟਿੰਗ ਨਾ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਸਿੱਖਿਆ ਮੰਤਰੀ ਦੇ ਗੈਰ ਜ਼ਿੰਮੇਵਾਰ ਰਵਈਏ ਦੇ ਰੋਸ ਵਜੋਂ ਸਖ਼ਤ ਨਾਅਰੇਬਾਜ਼ੀ ਕੀਤੀ ਗਈ।
ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਜਨਤਕ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਲਈ ਮੌਜੂਦਾ ਸਰਕਾਰ ਜਿੰਮੇਵਾਰ ਹੈ, ਜੋ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਪ੍ਰਾਈਵੇਟ ਸਿੱਖਿਆ ਮਾਫੀਆ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ।
ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸਮੇਤ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ।
ਸਿੱਖਿਆ ਨੀਤੀ 2020 ਰੱਦ ਕਰਨ, 16 ਫਰਵਰੀ 2024 ਦੀ ਕੌਮੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਦਫਤਰੀ ਕਾਮਿਆਂ ਸਮੇਤ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ।
ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ।
ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨੂੰ 19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਸਮੂਹ ਆਧਿਆਪਕ ਵਰਗ ਨੂੰ ਅਪੀਲ ਕੀਤੀ।