ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵੱਲੋ ਸੰਘਰਸ਼ ਦਾ ਐਲਾਨ

All Latest NewsGeneral NewsNews FlashPunjab News

 

25 ਜੂਨ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪਰਿਵਾਰਾਂ ਸਮੇਤ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ:-ਕਮੇਟੀ ਆਗੂ

ਪੰਜਾਬ ਨੈੱਟਵਰਕ, ਬਠਿੰਡਾ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਖੁਸ਼ਦੀਪ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਆਦਿ ਨੇ ਬਠਿੰਡਾ ਵਿਖੇ ਰੋਜ਼ ਗਾਰਡਨ ਵਿੱਚ ਸੂਬਾ ਪੱਧਰੀ ਮੀਟਿੰਗ ਕਰਕੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਸਮੇਤ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ 25 ਜੂਨ ਨੂੰ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਅਤੇ ਸੀ.ਐੱਚ.ਬੀ/ਡਬਲਯੂ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।

ਪਰ ਪੰਜਾਬ ਸਰਕਾਰ ਅਤੇ ਪਾਵਰਕਾਮ-ਟ੍ਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਸਮੇਤ ਹੋਰ ਸਮੂਹ ਮੰਗਾਂ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ,ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਸੀ.ਐੱਚ.ਬੀ/ਡਬਲਯੂ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ 15-20 ਸਾਲਾਂ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਦੁਬਾਰਾ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ।

ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ,ਇਸ ਹਾਲਤ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਨਾ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਧੋਖਾ ਕਰ ਰਹੀ ਹੈ,ਜਿਸ ਦੇ ਵਿਰੋਧ ਵਜੋਂ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ 25 ਜੂਨ 2024 ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ।

ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਆਊਟਸੋਰਸ਼ਡ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ ਤੀਹ ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਮੌਤ/ਨਕਾਰਾ ਹੋਣ ਤੇ ਵਾਰਿਸਾਂ ਨੂੰ ਘੱਟੋ-ਘੱਟ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਤੇ ਘੱਟੋ-ਘੱਟ 10 ਲੱਖ ਰੁਪਏ ਸਹਾਇਤਾ ਫ਼ੰਡ ਵਜੋਂ ਦਿੱਤਾ ਜਾਵੇ,ਥਰਮਲ ਕਲੌਨੀਆਂ ਅਤੇ ਸਬ-ਡਵੀਜ਼ਨਾਂ ਵਿੱਚ ਖਾਲੀ ਪਏ ਕੁਵਾਟਰ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੀ ਤਨਖ਼ਾਹ ਮੁਤਾਬਿਕ ਘੱਟੋ-ਘੱਟ ਕਿਰਾਏ ਤੇ ਮੁਹਈਆ ਕਰਵਾਏ ਜਾਣ,ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ 3-5-10 ਸਾਲਾਂ ਬਾਅਦ ਪਦ-ਉੱਨਤ ਕਰਨ/ਤਨਖ਼ਾਹ ਵਾਧੇ ਦੀ ਕੋਈ ਯੋਗ ਨੀਤੀ ਬਣਾਈ ਜਾਵੇ,ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਹਰ ਇੱਕ ਸਾਲ ਬਾਅਦ ਘੱਟੋ-ਘੱਟ ਇੱਕ ਹਜ਼ਾਰ ਰੁਪਏ ਦਾ ਵਾਧਾ ਕੀਤਾ ਜਾਵੇ ਅਤੇ ਪਿਛਲੇ ਸਮੇਂ ਵਿੱਚ ਬਿਜਲੀ ਮੰਤਰੀ ਅਤੇ ਪਾਵਰਕਾਮ ਮੈਨੇਜਮੈਂਟ ਨਾਲ਼ ਹੋਈਆਂ ਪੈਨਲ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ,ਬਿਜਲੀ ਖੇਤਰ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗ ਵਿੱਚੋਂ ਬਾਹਰ ਕੀਤਾ ਜਾਵੇ।

 

Media PBN Staff

Media PBN Staff

Leave a Reply

Your email address will not be published. Required fields are marked *