Punjab News: ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਦੰਦੀਵਾਲ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ ,ਜਸਪ੍ਰੀਤ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਰਾਹੀਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਦੇ ਮੁਜ਼ਾਰੇ ਕਿਸਾਨਾਂ ਦੀਆਂ ਜੱਦੀ ਪੁਸ਼ਤੀ ਜ਼ਮੀਨਾਂ ਨੂੰ ਅਦਾਲਤੀ ਫੈਸਲੇ ਦੀ ਆੜ ਹੇਠ ਖੋਹਣ ਦੇ ਹੱਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਵੱਲੋਂ ਰਾਜ ਸਰਕਾਰਾਂ ਤੇ ਧੱਕੇ ਨਾਲ਼ ਥੋਪੇ ਨਵੇਂ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਵੀ ਆਮ ਕਿਸਾਨਾਂ ਤੋਂ ਸਾਮਰਾਜੀ ਕਾਰਪੋਰੇਟਾਂ ਰਾਹੀਂ ਜ਼ਮੀਨਾਂ ਹਥਿਆਉਣ ਦਾ ਹੱਲਾ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਜ਼ਮੀਨੀ ਹੱਲਿਆਂ ਨੂੰ ਸਾਂਝੇ ਜਾਨਹੂਲਵੇਂ ਸੰਘਰਸ਼ਾਂ ਰਾਹੀਂ ਹੀ ਪਛਾੜਿਆ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉੱਗਰਾਹਾਂ ਵੱਲੋਂ ਇਹਨਾਂ ਹੱਲਿਆਂ ਨੂੰ ਪਛਾੜਨ ਲਈ ਪਿਛਲੇ ਕਈ ਦਿਨਾਂ ਤੋਂ ਪਿੰਡ ਜਿਉਂਦ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਹੈ ਜਿਸਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਪੂਰਨ ਤੌਰ ਤੇ ਹਮਾਇਤ ਦਾ ਐਲਾਨ ਕਰਦਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਪਿੰਡ ਜਿਉਂਦ ਦੇ ਜੱਦੀ ਪੁਸ਼ਤੀ ਕਾਸ਼ਤਕਾਰ ਮੁਜ਼ਾਰੇ ਕਿਸਾਨਾਂ ਨੂੰ ਕਬਜ਼ੇ ਹੇਠਲੀ ਪੂਰੀ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਜਾਣ,ਫਸਲਾਂ ਲੁੱਟਣ ਅਤੇ ਸਾਮਰਾਜੀ ਕਾਰਪੋਰੇਟਾਂ ਲਈ ਜ਼ਮੀਨਾਂ ਖੋਹਣ ਦਾ ਰਾਹ ਪੱਧਰਾ ਕਰਨ ਵਾਲਾ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤਾ ਜਾਵੇ, ਜਿਉਂਦ ਪੱਕੇ ਮੋਰਚੇ ਦੇ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਵਿਰੁੱਧ ਦਰਜ਼ ਕੀਤੇ ਗਏ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ,ਜ਼ਮੀਨੀ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀਆਂ ਫਾਲਤੂ ਜ਼ਮੀਨਾਂ ਥੁੜਜਮੀਨੇ ਤੇ ਬੇਜ਼ਮੀਨੇ ਕਿਸਾਨਾਂ-ਮਜ਼ਦੂਰਾਂ ਵਿੱਚ ਵੰਡੀਆਂ ਜਾਣ।