ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਮੀਟਿੰਗ ‘ਚ ਭਗਵੰਤ ਮਾਨ ਸਰਕਾਰ ਤੇ ਮੰਗਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼

All Latest NewsNews FlashPunjab News

 

7 ਫਰਵਰੀ ਨੂੰ ਭੁੱਖ ਹੜਤਾਲ ਰੱਖਣ ਅਤੇ 16 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਵਿਧਾਇਕਾਂ ਨੂੰ ਦੇਣ ਦਾ ਐਕਸ਼ਨ ਪ੍ਰੋਗਰਾਮ

ਪੰਜਾਬ ਨੈੱਟਵਰਕ, ਫਰੀਦਕੋਟ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਦੀ ਇੱਕ ਮੀਟਿੰਗ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਇੰਦਰਜੀਤ ਸਿੰਘ ਖੀਵਾ ਸੀਨੀਅਰ ਮੀਤ ਪ੍ਰਧਾਨ ਸਿਵਲ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਸਲਾਹਕਾਰ ਬਲਦੇਵ ਸਿੰਘ ਸਹਿਦੇਵ, ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਪੰਜਾਬ ਮੰਡੀ ਬੋਰਡ, ਗਗਨ ਪਾਹਵਾ ਡੈਮੋਕਰੇਟਿਕ ਟੀਚਰਜ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਆਗੂ , ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਸੋਮ ਨਾਥ ਅਰੋੜਾ ਆਗੂ ਪੰਜਾਬ ਪੈਨਸ਼ਨਰ ਯੂਨੀਅਨ ਸਬੰਧਤ ਏਟਕ , ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫੋਰ ਯੂਨੀਅਨ, ਹਰਵਿੰਦਰ ਸ਼ਰਮਾ ਸੂਬਾ ਪ੍ਰਧਾਨ ਪਾਵਰਕਾਮ ਆਊਟਸੋਰਸ ਮੁਲਾਜ਼ਮ ਯੂਨੀਅਨ, ਸੂਰਤ ਸਿੰਘ ਮਾਹਲਾ, ਮਨੋਹਰ ਸਿੰਘ ਧੁੰਨਾ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਅਮਰਜੀਤ ਸਿੰਘ ਵਾਲੀਆ, ਇੰਜਨੀਅਰ ਜੀਤ ਸਿੰਘ ਅਤੇ ਪ੍ਰਿੰਸੀਪਲ ਜੋਗਿੰਦਰ ਸਿੰਘ ਆਗੂ ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਗਈ ਨਾਂਹ ਪੱਖੀ ਪਹੁੰਚ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਪੈਨਸ਼ਨਰ ਜੁਆਇੰਟ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 7 ਫਰਵਰੀ ਨੂੰ ਖਜਾਨਾ ਦਫਤਰ ਫਰੀਦਕੋਟ ਸਾਹਮਣੇ 11ਮੈਂਬਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਬਾਅਦ ਦੁਪਹਿਰ ਖਜ਼ਾਨਾ ਦਫਤਰ ਸਾਹਮਣੇ ਰੋਸ ਰੈਲੀ ਕੀਤੀ ਜਾਵੇਗੀ।

ਇਸ ਉਪਰੰਤ 16 ਫਰਵਰੀ ਦਿਨ ਐਤਵਾਰ ਨੂੰ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਮੂਹਿਕ ਵਫਦਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਦਿੱਤੇ ਜਾਣਗੇ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵਇਨ ਕੈਸ਼ਮੈਂਟ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11 ਫੀਸਦੀ ਤਿੰਨ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ।

ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਸਮੂਹ ਕੱਚੇ , ਠੇਕਾ ਅਧਾਰਤ , ਆਊਟ ਸੌਰਸ ਮੁਲਾਜ਼ਮਾਂ ਅਤੇ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਸਕੀਮ ਵਰਕਰਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ।

ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੇ ਬਜਟ ਸ਼ੈਸ਼ਨ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਬਜਟ ਸੈਸ਼ਨ ਦੇ ਸਮਾਨ ਅੰਤਰ ਸੈਸ਼ਨ ਚਲਾਇਆ ਜਾਵੇਗਾ ਅਤੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਜਾਵੇਗਾ।

 

Media PBN Staff

Media PBN Staff

Leave a Reply

Your email address will not be published. Required fields are marked *