Punjab News: ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵੱਲੋਂ ਚੰਦਭਾਨ ਦੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

All Latest NewsNews FlashPunjab News

 

ਜੈਤੋ ਥਾਣੇ ਦੇ ਮੁਖੀ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇ

ਦਲਜੀਤ ਕੌਰ, ਚੰਡੀਗੜ੍ਹ/ਜਲੰਧਰ

ਇੱਕ ਦਰਜਨ ਦੇ ਕਰੀਬ ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਨੇ ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿੱਚ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਮਜ਼ਦੂਰਾਂ ਅਤੇ ਪੁਲਿਸ ਦਰਮਿਆਨ ਹੋਏ ਟਕਰਾਅ ਅਤੇ ਪੁਲਿਸ ਵਲੋਂ ਲਾਠੀਚਾਰਜ ਕਰਕੇ 50 ਦੇ ਕਰੀਬ ਮਜ਼ਦੂਰ ਮਰਦ ਔਰਤਾਂ ਨੂੰ ਗ੍ਰਿਫਤਾਰ ਕਰਕੇ 40 ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਮਜ਼ਦੂਰਾਂ ਉੱਪਰ ਗੋਲੀ ਚਲਾਉਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਤੇ ਗੋਲੀ ਚਲਾਉਣ ਵਾਲਿਆਂ ਖਿਲਾਫ਼ ਇਰਾਦਾ ਕਤਲ ਤੇ ਐੱਸ ਸੀ ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਸਮੇਤ ਜੈਤੋ ਥਾਣੇ ਦੇ ਮੁਖੀ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਦੀ ਮੰਗ ਕੀਤੀ ਹੈ।

ਇਹਨਾਂ ਜਥੇਬੰਦੀਆਂ ਦੇ ਆਗੂਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸੇਲਬਰਾਹ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਗੋਬਿੰਦ ਛਾਜਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਜੀਵ ਮਿੰਟੂ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਜ਼ਾਦ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਦੇ ਸੂਬਾ ਆਗੂ ਦੇਵੀ ਕੁਮਾਰੀ ਸਰਹਾਲੀ ਅਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਗੁਰਮੇਸ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮਜ਼ਦੂਰਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ।

ਸੂਬਾਈ ਆਗੂਆਂ ਨੇ ਕਿਹਾ ਕਿ ਜੇ ਸਮੇਂ ਸਿਰ ਜੈਤੋਂ ਪੁਲਿਸ ਦਖ਼ਲ ਦੇ ਕੇ ਮਸਲੇ ਨੂੰ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕਦੀ ਤਾਂ ਇਸ ਟਕਰਾਅ ਨੂੰ ਟਾਲਿਆ ਜਾ ਸਕਦਾ ਸੀ ਅਤੇ ਮੌਕੇ ‘ਤੇ ਹਾਜ਼ਰ ਪੁਲਿਸ ਅਧਿਕਾਰੀਆਂ ਜੇ ਸਿਆਸੀ ਦਬਾਅ ਹੇਠ ਮਜ਼ਦੂਰਾਂ ਉੱਪਰ ਗੋਲੀ ਚਲਾਉਣ ਵਾਲੇ ਲੋਕਾਂ ਨੂੰ ਸ਼ਹਿ ਨਾ ਦਿੰਦੇ ਤਾਂ ਇਸ ਟਕਰਾਅ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਅਜੇ ਵੀ ਅਖਬਾਰਾਂ ਅਤੇ ਸੋਸ਼ਲ ਮੀਡੀਆ ਵਿੱਚ ਨਸ਼ਰ ਹੋਣ ਦੇ ਬਾਵਜ਼ੂਦ ਮਜ਼ਦੂਰਾਂ ਉੱਪਰ ਸ਼ਰੇਆਮ ਗੋਲੀਆਂ ਚਲਾਉਣ ਵਾਲੇ ਲੋਕਾਂ ਨੂੰ ਬਚਾਉਣ ਲੱਗੀ ਹੋਈ ਹੈ।

ਪੁਲਿਸ ਵਲੋਂ ਮਜ਼ਦੂਰਾਂ ਵਿਰੁੱਧ ਇੱਕ ਪਾਛੜ ਕਾਰਵਾਈ ਕੀਤੀ ਗਈ ਅਤੇ ਮਜ਼ਦੂਰਾਂ ਵਿੱਚ ਬੇਗਾਨਗੀ ਦੀ ਭਾਵਨਾਵਾਂ ਪੈਦਾ ਕਰਕੇ ਬਲਦੀ ਉੱਤੇ ਤੇਲ ਪਾਉਣ ਦਾ ਕੰਮ ਕਰ ਰਹੀ ਹੈ। ਪਹਿਲਾਂ ਹੀ ਭਗਵੰਤ ਮਾਨ ਸਰਕਾਰ ਵਿਰੁੱਧ ਮਜ਼ਦੂਰਾਂ ਵਿੱਚ ਵੱਡੇ ਪੱਧਰ ‘ਤੇ ਬੇਚੈਨੀ ਪਾਈ ਜਾ ਰਹੀ ਹੈ। ਸਰਕਾਰ ਵੱਲੋਂ ਵੀ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਕਤ ਜਥੇਬੰਦੀਆਂ ਨੇ ਸਾਰੇ ਇਨਸਾਫ ਪਸੰਦ ਲੋਕਾਂ ਅਤੇ ਜਥੇਬੰਦੀਆਂ ਨੂੰ ਨੂੰ ਪਿੰਡ ਚੰਦਭਾਨ ਦੇ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

 

Media PBN Staff

Media PBN Staff

Leave a Reply

Your email address will not be published. Required fields are marked *