All Latest NewsGeneralNews FlashPunjab NewsTOP STORIES

ਪੰਜਾਬੀਆਂ ਨੂੰ ਵੱਡਾ ਝਟਕਾ! ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਬਿਜਲੀ ਕੀਤੀ ਮਹਿੰਗੀ, ਜਾਣੋ ਨਵੇਂ ਰੇਟ

 

ਚੰਡੀਗੜ੍ਹ-

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਨਿਰਧਾਰਤ ਕੀਤੇ ਹਨ।

ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਗਿਆ ਹੈ।

ਨਵੇਂ ਹੁਕਮ ਪੰਜਾਬ ਵਿੱਚ 16 ਜੂਨ ਤੋਂ ਲਾਗੂ ਹੋਣਗੇ। ਇਹ ਹੁਕਮ ਇੱਕ ਸਾਲ ਲਈ ਰਹਿਣਗੇ। ਇਸ ਦੌਰਾਨ ਸਾਰੀਆਂ ਸ਼੍ਰੇਣੀਆਂ ਦੀਆਂ ਦਰਾਂ ਵਿੱਚ ਬਦਲਾਅ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹਰ ਪਰਿਵਾਰ ਨੂੰ ਇੱਕ ਮਹੀਨੇ ਵਿੱਚ 300 ਯੂਨਿਟ ਤੇ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲਦੀ ਹੈ।

ਜੇ ਕੋਈ ਪਰਿਵਾਰ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਤੋਂ ਪੂਰਾ ਬਿੱਲ ਵਸੂਲਿਆ ਜਾਂਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਖਪਤਕਾਰਾਂ ਨੂੰ ਬਿਜਲੀ ਬਿੱਲ ਦੀ ਵਧੀ ਹੋਈ ਦਰ ਦਾ ਭੁਗਤਾਨ ਕਰਨਾ ਪਵੇਗਾ।

ਨਵੀਂ ਦਰ ਮੁਤਾਬਕ ਹੁਣ ਹਰ ਪਰਿਵਾਰ ਨੂੰ 30 ਤੋਂ 40 ਰੁਪਏ ਵਾਧੂ ਦੇਣੇ ਪੈਣਗੇ। ਜ਼ਿਕਰ ਕਰ ਦਈਏ ਕਿ ਘਰੇਲੂ ਸ਼੍ਰੇਣੀ ਵਿੱਚ 7 ​​ਕਿਲੋਵਾਟ ਤੋਂ 50 ਕਿਲੋਵਾਟ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਜ਼ਿਆਦਾਤਰ ਮੱਧ ਵਰਗ ਅਤੇ ਉੱਚ ਵਰਗ ਇਸ ਸ਼੍ਰੇਣੀ ਵਿੱਚ ਆਉਂਦੇ ਹਨ। ਜੋ ਪਹਿਲਾਂ ਹੀ 5.34 ਰੁਪਏ ਤੋਂ 7.75 ਰੁਪਏ ਪ੍ਰਤੀ ਯੂਨਿਟ ਅਦਾ ਕਰ ਰਹੇ ਹਨ।

ਜੇ ਸਾਰੇ ਟੈਕਸ ਸ਼ਾਮਲ ਕੀਤੇ ਜਾਣ ਤਾਂ ਇਸ ਯੂਨਿਟ ਦੀ ਕੀਮਤ ਕਰੀਬ 10 ਰੁਪਏ ਹੈ। ਇਸ ਦੇ ਨਾਲ ਹੀ ਗ਼ੈਰ-ਰਿਹਾਇਸ਼ੀ ਸਪਲਾਈ ਦੇ ਰੇਟ ਵੀ ਨਹੀਂ ਵਧੇ ਹਨ। ਇਸ ‘ਚ 7 ਕਿਲੋਵਾਟ ਤੱਕ ਦਾ ਰੇਟ 6.91 ਤੋਂ 7.75 ਰੁਪਏ ਪ੍ਰਤੀ ਯੂਨਿਟ ਹੈ।

ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ- ਸੁਖਬੀਰ ਸਿੰਘ ਬਾਦਲ 

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ।

ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਰਟੀ ਜੋ ਲਗਾਤਾਰ ਇਹ ਦਾਅਵਾ ਕਰਦੀ ਆ ਰਹੀ ਸੀ ਕਿ ਉਹ ਘਰੇਲੂ ਤੇ ਉਦਯੋਗਿਕ ਦੋਵੇਂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਟੌਤੀ ਕਰੇਗੀ ਨੇ ਉਸ ‘ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ ਹੈ ਤੇ ਦੋਵਾਂ ਵਰਗਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ‘ਬਦਲਾਅ’ ਦੇ ਨਾਂ ‘ਤੇ ਇਹ ਧੋਖਾ ਕਿਉਂ ਕੀਤਾ ਤੇ ਆਮ ਆਦਮੀ ਦੀ ਜੇਬ ਵਿਚ ਸੰਨ ਕਿਉਂ ਲਾਈ ਜਦੋਂ ਗਰਮੀ ਕਾਰਣ ਬਿਜਲੀ ਖਪਤ ਸਿਖ਼ਰਾਂ ‘ਤੇ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਉਦੋਂ ਹੋਇਆ ਹੈ ਜਦੋਂ ਪਿਛਲੇ ਸਾਲ 30 ਤੋਂ 40 ਪੈਸੇ ਦਾ ਵਾਧਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਦਯੋਗਾਂ ਲਈ ਕੰਮ ਕਰਨਾ ਔਖਾ ਹੋ ਜਾਵੇਗਾ।

ਉਹਨਾਂ ਨਾਲ ਹੀ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਜਾਣਗੇ। ਉਹਨਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਨਵਾਂ ਨਿਵੇਸ਼ ਨਹੀਂ ਹੋ ਰਿਹਾ ਤੇ ਇਸ ਵਾਧੇ ਮਗਰੋਂ ਸੂਬੇ ਦਾ ਨਿਵੇਸ਼ ਮਾਹੌਲ ਹੋਰ ਖਰਾਬ ਹੋ ਜਾਵੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਬਿਜਲੀ ਦਰਾਂ ਆਪਣੇ ਗੁਆਂਢੀ ਰਾਜਾਂ ਨਾਲੋਂ ਮਹਿੰਗੀਆਂ ਹਨ।

ਉਦਯੋਗਿਕ ਖੇਤਰ ਲਈ ਬਿਜਲੀ ਦਰਾਂ ਵਿਚ ਕੀਤਾ ਸਾਰਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਮਿਆਨੇ ਅਤੇ ਲਘੂ ਉਦਯੋਗ ਪਹਿਲਾਂ ਹੀ ਘਾਟੇ ਵਿਚ ਚਲ ਰਹੇ ਹਨ ਤੇ ਇਹਨਾਂ ਲਈ ਬਿਜਲੀ ਦਰ ਪੰਜ ਰੁਪਏ ਪ੍ਰਤੀ ਯੂਨਿਟ ਹੋਣੀ ਚਾਹੀਦੀ ਹੈ

 

Leave a Reply

Your email address will not be published. Required fields are marked *