ਤਬਕਾਤੀ ਜਥੇਬੰਦੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਚ ਡਟਵੀਂ ਹਮਾਇਤ ਦਾ ਐਲਾਨ
ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਫੌਰੀ ਹੱਲ ਕਰੇ ਪੰਜਾਬ ਸਰਕਾਰ :- ਕਿਸਾਨ ਆਗੂ
ਪੰਜਾਬ ਨੈੱਟਵਰਕ, ਬਰਨਾਲਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਵਿਰੋਧ ਵਜੋਂ 11 ਮਾਰਚ ਨੂੰ ਖੰਨਾ ਦੀ ਅਨਾਜ਼ ਮੰਡੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਹਮਾਇਤ ਜੁਟਾਉਣ ਲਈ ਤਬਕਾਤੀ ਜਥੇਬੰਦੀਆਂ ਨਾਲ਼ ਤਰਕਸ਼ੀਲ ਭਵਨ ਵਿੱਚ ਕੀਤੀ ਸਾਂਝੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੀਕੇਯੂ ਉੱਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉੱਗਰਾਹਾਂ,ਬੀਕੇਯੂ ਡਕੌਂਦਾ (ਧਨੇਰ) ਦੇ ਜਿਲਾ ਆਗੂ ਲਖਵੀਰ ਸਿੰਘ ਅਕਲੀਆ ਅਤੇ ਗੁਰਦੇਵ ਸਿੰਘ ਮਾਂਗੇਵਾਲ,ਟੀ.ਐੱਸ.ਯੂ.ਭੰਗਲ ਦੇ ਆਗੂ ਸਤਿੰਦਰ ਸਿੰਘ ਸੋਨੀ,ਮੋਲਡਰ ਅਤੇ ਸਟੀਲ ਵਰਕਰਜ਼ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮੇਜਰ ਸਿੰਘ ਮਲੇਰਕੋਟਲਾ,ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਬਿੰਦਰ ਸਿੰਘ ਅਤੇ ‘ਮੋਰਚੇ’ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਜਸਵੀਰ ਸਿੰਘ ਦੰਦੀਵਾਲ ਆਦਿ ਨੇ ਕਿਹਾ ਪੰਜਾਬ ਦੀ ‘ਆਪ ਸਰਕਾਰ’ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ।
ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ,ਪੈਨਸ਼ਨਰਾਂ,ਵਿਦਿਆਰਥੀਆਂ,ਬੇਰੁਜ਼ਗਾਰਾਂ ਸਮੇਤ ਹੋਰ ਕਿਸੇ ਵੀ ਵਰਗ ਦੀਆਂ ਮੰਗਾਂ-ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਲੀਡਰਸ਼ਿਪ ਨੂੰ ਮੁੱਖ ਮੰਤਰੀ/ਸਬ-ਕਮੇਟੀ ਪੰਜਾਬ ਸਰਕਾਰ ਵੱਲੋੰ 28 ਵਾਰ ਪੈਨਲ ਮੀਟਿੰਗ ਕਰਨ ਦੇ ਲਿਖਤੀ ਭਰੋਸੇ ਦੇਕੇ ਇੱਕ ਵੀ ਮੀਟਿੰਗ ਨਹੀਂ ਕੀਤੀ।
ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ “11 ਮਾਰਚ 2025” ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ,ਜਿਸ ਵਿੱਚ ਕਿਸਾਨਾਂ,ਮਜ਼ਦੂਰਾਂ ਸਮੇਤ ਸਮੂਹ ਸੰਘਰਸ਼ਸ਼ੀਲ ਤਬਕਿਆਂ ਦੀਆਂ ਜਥੇਬੰਦੀਆਂ ਵੱਲੋਂ ਡੱਟਵੀਂ ਹਮਾਇਤ ਕੀਤੀ ਜਾਵੇਗੀ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ,ਜਨਤਕ ਵੰਡ ਪ੍ਰਣਾਲੀ ਲਾਗੂ ਕੀਤੀ ਜਾਵੇਗੀ,ਪ੍ਰਚੂਨ ਖੇਤਰ ਦਾ ਉਜਾੜਾ ਬੰਦ ਕੀਤਾ ਜਾਵੇ,ਜਮੀਨਾਂ ਨੂੰ ਹਥਿਆਉਣ ਦਾ ਹੱਲਾ ਬੰਦ ਕੀਤਾ ਜਾਵੇ ਅਤੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ ਸਮੇਤ ਹੋਰ ਸਮੂਹ ਸੰਘਰਸ਼ਸ਼ੀਲ ਤਬਕਿਆਂ ਦੀਆਂ ਸਮੂਹ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ਼ ਪ੍ਰਵਾਨ ਕੀਤਾ ਜਾਵੇ।