ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੇ ਸੂਬਾਈ ਆਗੂ ਕਾਮਰੇਡ ਜਸਵੰਤ ਸਿੰਘ ਸਮਰਾ ਦਾ ਬਰਸੀ ਸਮਾਗਮ ਜਲੰਧਰ ਵਿਖੇ 27 ਫਰਵਰੀ ਨੂੰ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ
ਪੰਜਾਬ ਨੈੱਟਵਰਕ, ਜਲੰਧਰ
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680ਸੈਕਟਰ 22ਬੀ , ਚੰਡੀਗੜ੍ਹ) ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਅਤੇ ਗੁਰਜੀਤ ਸਿੰਘ ਘੋੜੇਵਾਹ , ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਜਨਰਲ ਸਕੱਤਰ ਪ੍ਰੇਮ ਚਾਵਲਾ, ਐਡੀਸ਼ਨਲ ਜਨਰਲ ਸਕੱਤਰ ਸੱਤਿਆਪਾਲ ਗੁਪਤਾ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਹੈ ਕਿ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਕਾਮਰੇਡ ਜਸਵੰਤ ਸਿੰਘ ਸਮਰਾ ਦਾ 21ਵਾਂ ਬਰਸੀ ਸਮਾਗਮ ਹਰ ਸਾਲ ਦੀ ਤਰ੍ਹਾਂ ਬੱਸ ਅੱਡਾ ਜਲੰਧਰ ਵਿਖੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿੱਚ ਮਿਤੀ 27 ‘ਫਰਵਰੀ , ਦਿਨ ਵੀਰਵਾਰ ਨੂੰ ਸਵੇਰੇ 10-30 ਵਜੇ ਮਨਾਇਆ ਜਾ ਰਿਹਾ ਹੈ।
ਉਹਨਾਂ ਅੱਗੇ ਦੱਸਿਆ ਕਿ ਇਸ ਸਮਾਗਮ ਨੂੰ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੇ ਕੌਮੀ ਅਤੇ ਸੂਬਾ ਪੱਧਰ ਦੇ ਆਗੂ ਸੰਬੋਧਨ ਕਰਕੇ ਆਪਣੇ ਮਰਹੂਮ ਆਗੂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਅਤੇ ਕੇਂਦਰ ਅਤੇ ਸੂਬੇ ਦੀ ਸਰਕਾਰ ਵੱਲੋਂ ਮੁਲਾਜਮ,ਪੈਨਸ਼ਨਰ, ਮਜ਼ਦੂਰ ਅਤੇ ਕਿਸਾਨ ਵਿਰੋਧੀ ਮਾਰੂ ਨੀਤੀਆਂ ਬਾਰੇ ਅਤੇ ਹੁਕਮਰਾਨ ਸਰਕਾਰਾਂ ਵੱਲੋਂ ਦੇਸ਼ ਨੂੰ ਕਾਰਪੋਰੇਟ ਕੰਪਨੀਆਂ ਹਵਾਲੇ ਕਰਨ ਵਾਲੀਆ ਪਾਰਟੀਆਂ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਗੇ।
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 1-1-2016 ਤੋਂ ਰੀਵਾਈਜ ਕੀਤੇ ਗਰੇਡਾਂ ਦੇ ਬਕਾਏ ਦੇਣ ਪ੍ਰਤੀ ਅਪਣਾਏ ਗਏ ਢੰਗ ਤਰੀਕੇ ਨੂੰ ਪੰਜਾਬ ਸਰਕਾਰ ਦੀ ਡੰਗ ਟਪਾਊ ਪਾਲਿਸੀ ਅਤੇ ਕੋਝਾ ਮਜ਼ਾਕ ਕਰਾਰ ਦਿੱਤਾ ਹੈ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਅਤੇ ਪੈਨਸ਼ਨਰਾਂ ਦਾ ਵਿਸ਼ਵਾਸ ਗਵਾ ਚੁੱਕੀ ਹੈ ਅਤੇ ਆਪਣੇ ਤਿੰਨ ਸਾਲਾਂ ਦੇ ਰਾਜ ਭਾਗ ਦੌਰਾਨ ਲਗਾਤਾਰ ਪੈਨਸ਼ਨਰਾਂ , ਮੁਲਾਜ਼ਮਾਂ ਤੇ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।