ਕਾਂਗਰਸ ਵੱਲੋਂ ਲੁਧਿਆਣਾ ਜ਼ਿਮਨੀ ਚੋਣ ਲਈ ਉਮੀਦਵਾਰ ਉਤਾਰਨ ਬਾਰੇ ਵੱਡਾ ਬਿਆਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਦੇ ਨਾਲ-ਨਾਲ ਪੰਚਾਇਤ ਅਤੇ ਨਿਗਮ ਚੋਣਾਂ ਲੜ ਚੁੱਕੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਭੁਪੇਸ਼ ਬਘੇਲ ਨੇ ਪਹਿਲਾਂ ਲੁਧਿਆਣਾ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਲਈ ਅਜੇ ਸਮਾਂ ਹੈ, ਫਿਰ ਵੀ ਸੂਬਾ ਇਕਾਈ ਨੂੰ ਜਲਦੀ ਹੀ ਪੈਨਲ ਬਣਾ ਕੇ ਹਾਈਕਮਾਂਡ ਨੂੰ ਭੇਜਣਾ ਚਾਹੀਦਾ ਹੈ। ਕਾਂਗਰਸ ਪਾਰਟੀ ਜਿਸਨੂੰ ਟਿਕਟ ਦੇਵੇਗੀ, ਉਸਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ, ਛੇਤੀ ਹੀ ਉਹ ਉਮੀਦਵਾਰ ਦਾ ਨਾਮ ਵੀ ਸਾਹਮਣੇ ਆ ਜਾਵੇਗਾ।
ਕੀ ਬਦਲਿਆ ਜਾਵੇਗਾ ਪੰਜਾਬ ਕਾਂਗਰਸ ਪ੍ਰਧਾਨ?
ਪੱਤਰਕਾਰਾਂ ਵਲੋਂ ਜਦੋਂ ਭੁਪੇਸ਼ ਬਘੇਲ ਨੂੰ ਸਵਾਲ ਕੀਤਾ ਗਿਆ ਕਿ, ਕੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਦਲਿਆ ਜਾਵੇਗਾ ਤਾਂ ਸਵਾਲ ਤੇ ਬਘੇਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੂੰ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਪੂਰਾ ਭਰੋਸਾ ਹੈ। ਜੇਕਰ ਨਵੇਂ ਪ੍ਰਧਾਨ ਬਾਰੇ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਇਹ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਅਗਲੀਆਂ ਚੋਣਾਂ ਦੀ ਤਿਆਰੀ ਕਰੇਗੀ।
ਬਘੇਲ ਨੇ ਕਿਹਾ ਕਿ ਜ਼ਿਆਦਾਤਰ ਜ਼ਿਲ੍ਹਾ ਮੁਖੀਆਂ ਅਤੇ ਬਲਾਕ ਮੁਖੀਆਂ ਦੇ ਕੰਮ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਤੋਂ ਬਾਅਦ ਲੋੜ ਅਨੁਸਾਰ ਜ਼ਿਲ੍ਹਿਆਂ ਵਿੱਚ ਜਥੇਬੰਦੀ ਦਾ ਪੁਨਰਗਠਨ ਕੀਤਾ ਜਾਵੇਗਾ, ਤਾਂ ਜੋ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਮਜ਼ਬੂਤੀ ਨਾਲ ਲੜ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਕਈ ਕਮੇਟੀਆਂ ਵੀ ਬਣਾਈਆਂ ਜਾਣਗੀਆਂ।
AAP 3 ਮਹੀਨਿਆਂ ‘ਚ ਕੀ ਬਦਲਾਅ ਕਰੇਗੀ?
ਇਸ ਦੌਰਾਨ ਭੁਪੇਸ਼ ਬਘੇਲ ਨੇ ਆਮ ਆਦਮੀ ਪਾਰਟੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਪੰਜਾਬ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਡਰੱਗ ਮਾਫੀਆ ਖਿਲਾਫ ਪੰਜਾਬ ਸਰਕਾਰ ਦੀ ਨਵੀਂ ਮੁਹਿੰਮ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ 3 ਸਾਲ ਸੁੱਤੀ ਰਹੀ, 3 ਮਹੀਨਿਆਂ ‘ਚ ਕੀ ਬਦਲਾਅ ਆਵੇਗਾ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੁਧਿਆਣਾ ਤੋਂ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਹੈ, ਜੋ ਸੀਨੀਆਰਤਾ ਨਿਯਮਾਂ ਦੇ ਉਲਟ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕੋਈ ਰਾਜ ਸਭਾ ਮੈਂਬਰ ਵਿਧਾਇਕ ਚੋਣ ਲੜਨ ਲਈ ਆਪਣੀ ਸੀਟ ਛੱਡ ਰਿਹਾ ਹੋਵੇ।