Punjab News: ਲੱਖਾਂ ਰੁਪਏ ਦੇ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਦਾ ਮਾਮਲਾ! ਵਿਜੀਲੈਂਸ ਵੱਲੋਂ ਅਧਿਕਾਰੀ ਸਮੇਤ ਦੋ ਗ੍ਰਿਫਤਾਰ
Punjab News: 40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਪੰਜਾਬ ਨੈੱਟਵਰਕ, ਚੰਡੀਗੜ੍ਹ
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਦੀ ਮਿਲੀਭੁਗਤ ਵੀ ਸ਼ਾਮਲ ਸੀ।
ਇਹ ਖੁਲਾਸਾ ਕਰਦਿਆਂ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ।
ਇਸ ਕੇਸ ਵਿੱਚ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ਮੁਲਜ਼ਮ ਸ਼ਾਮਲ ਹਨ, ਜਿਨ੍ਹਾਂ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਿੱਜੀ ਫਰਮਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਫੰਡਾਂ ਦੇ ਲਾਭ ਦੇਣ ਦਾ ਦੋਸ਼ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋ ਮੁਲਜ਼ਮਾਂ, ਕੁਲਵਿੰਦਰ ਸਿੰਘ ਰੰਧਾਵਾ ਅਤੇ ਹੰਸਪਾਲ ਨਾਮ ਦੇ ਇੱਕ ਨਿੱਜੀ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।