Red Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਰੈੱਡ ਅਲਰਟ ਜਾਰੀ

All Latest NewsGeneral NewsHealth NewsNews FlashPunjab NewsTOP STORIES

 

Red Alert: ਸਿਹਤ ਵਿਭਾਗ ਵੱਲੋਂ ਲੋਕ ਹਿੱਤ ਵਿੱਚ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਅਪੀਲ

ਪੰਜਾਬ ਨੈੱਟਵਰਕ/ਦਲਜੀਤ ਕੌਰ, ਚੰਡੀਗੜ੍ਹ

Red Alert: ਮੌਸਮ ਵਿਭਾਗ ਵੱਲੋਂ ਪੰਜਾਬ ਭਰ ਦੇ ਅੰਦਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਦੇ ਅੰਦਰ ਭਿਆਨਕ ਗਰਮੀ ਪਵੇਗੀ। ਗਰਮ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ, ਉਹ ਕੜਾਕੇ ਦੀ ਧੁੱਪ ਵਿਚ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।

Image

ਸਿਹਤ ਵਿਭਾਗ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀ ਚੱਲ ਰਹੀ ਲੂ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।

ਵਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਲੋਕ ਹਿੱਤ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ, ਜਿਸ ਤਹਿਤ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਜਰੂਰੀ ਹੈ।

ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਾਅ ਰੱਖਣਾ ਚਾਹੀਦਾ ਹੈ।

ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ।

ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾਂ ਪਾਣੀ ਨਾਲ ਲੈ ਕੇ ਜਾਓ।

ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ।

ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡਿਆ ਜਾਵੇ।

ਮੌਸਮ ਸਬੰਧੀ ਤਾਜ਼ਾ ਜਾਣਕਾਰੀ ਲਈ ਭਾਰਤ ਸਰਕਾਰ ਦੇ ਨੈਸ਼ਨਲ ਡਿਜਾਸਟਰ ਐਲਰਟ ਪੋਰਟਲ ਦੀ ਮੋਬਾਈਲ ਐਪ https://sachet.ndma.gov.in ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *