ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ! ਭਗਵੰਤ ਮਾਨ ਨੇ 50,000 ਹੋਰ ਸਰਕਾਰੀ ਨੌਕਰੀਆਂ ਦਾ ਕੀਤਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ :
ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ, ਜਿਸ ਨਾਲ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ 51 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦਾ ਰਿਕਾਰਡ ਬਣਾਇਆ ਹੈ। ਇਹ ਸ਼ਗਨ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਚਾਹੁੰਦਾ ਹਾਂ ਅਤੇ ਉਨ੍ਹਾਂ ਨੂੰ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਤੋਂ ਦੂਰ ਰਹਿ ਸਕਣ।
ਭਗਵੰਤ ਮਾਨ ਨੇ ਕਿਹਾ ਕਿ, ਖਾਲੀ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ, ਇਸ ਲਈ ਸੂਬਾ ਸਰਕਾਰ ਇਸ ਬਿਮਾਰੀ ਦੇ ਖਾਤਮੇ ‘ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਹਰ ਵਿਭਾਗ ਵਿੱਚ ਸਾਰੀਆਂ ਅਸਾਮੀਆਂ ਖਾਲੀ ਹੁੰਦੇ ਹੀ ਭਰ ਦਿੰਦੀ ਹੈ। ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਤਰੀਕਾ ਅਪਣਾਇਆ ਜਾ ਰਿਹਾ ਹੈ, ਜਿਸ ਕਾਰਨ ਇਨ੍ਹਾਂ 51,000 ਸਰਕਾਰੀ ਨੌਕਰੀਆਂ ਵਿੱਚ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।