ਕੈਨੇਡਾ: ਭਿਆਨਕ ਸੜਕ ਹਾਦਸੇ ‘ਚ ਪੰਜਾਬਣ ਦੀ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ
ਕੈਨੇਡਾ ਦੇ ਐਡਮਿੰਟਨ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਅੰਮ੍ਰਿਤਸਰ ਦੇ ਪਿੰਡ ਖਿਆਲਾ ਖੁਰਦ ਦੀ ਲੜਕੀ ਦੀ ਜਾਨ ਚਲੀ ਗਈ। ਮ੍ਰਿਤਕ ਲੜਕੀ ਦੀ ਪਛਾਣ ਸਿਮਰਨਜੀਤ ਕੌਰ (21) ਪੁੱਤਰੀ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਅਪ੍ਰੈਲ 2023 ਨੂੰ ਪੜ੍ਹਾਈ ਲਈ ਕੈਨੇਡਾ ਗਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਆਪਣੇ ਭਰਾ ਨਾਲ ਵਰਕ ਪਰਮਿਟ ‘ਤੇ ਕੰਮ ਕਰ ਰਹੀ ਸੀ।
ਸ਼ਨੀਵਾਰ ਸਵੇਰੇ ਉਹ ਕੰਮ ਲਈ ਘਰੋਂ ਨਿਕਲੀ ਅਤੇ ਆਪਣੇ ਕੰਮ ਵਾਲੀ ਥਾਂ ਨੇੜੇ ਸੜਕ ਪਾਰ ਕਰਨ ਲਈ ਫੁੱਟਪਾਥ ‘ਤੇ ਖੜ੍ਹੀ ਸੀ। ਇਸ ਦੌਰਾਨ ਇੱਕ ਕਾਰ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਦੋ ਗੋਰੇ ਆਦਮੀ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਲੜਕੀ ਦੀ ਲਾਸ਼ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੁਖਦਾਈ ਹਾਦਸੇ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।