ਭਗਵੰਤ ਮਾਨ ਸਰਕਾਰ ਦੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਚੇਤਾਵਨੀ! ਕਿਹਾ – ਡਿਊਟੀ ਦੌਰਾਨ ਜੇਕਰ ਅਣਗਹਿਲੀ ਵਰਤੀ ਤਾਂ…
ਅਧਿਕਾਰੀਆਂ ਨੂੰ ਚਿਤਾਵਨੀ, ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ- ਬਲਜੀਤ ਕੌਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ।
ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੰਤਰੀ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।