ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਡੀਟੀਐੱਫ ਫ਼ਿਰੋਜ਼ਪੁਰ ਦੇ ਵਿਧਾਇਕਾਂ ਨੂੰ ਦਿੱਤੇ ਗਏ ਮੰਗ ਪੱਤਰ
ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਆਪ ਸਰਕਾਰ- ਮਲਕੀਤ ਹਰਾਜ /ਦਵਿੰਦਰ ਨਾਥ
ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਾਰੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਪ੍ਰੋਗਰਾਮ ਦਿੱਤਾ ਗਿਆ ਹੈ, ਇਸੇ ਲੜੀ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ ਦੀ ਅਗਵਾਈ ਹੇਠ ਹਲਕੇ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਆਗੂਆਂ ਵਲੋਂ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਦੀ ਮੰਗ ਕੀਤੀ ਗਈ।
ਵਿਧਾਇਕ ਵੱਲੋਂ ਪੁਰਾਣੀ ਪੈਨਸ਼ਨ ਦਾ ਮੁੱਦਾ ਮੁੱਖ ਮੰਤਰੀ ਨਾਲ਼ ਅਤੇ ਬਜਟ ਸੈਸ਼ਨ ਦੌਰਾਨ ਉਠਾਉਣ ਦਾ ਜੱਥੇਬੰਦੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਗਿਆ।ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਪੈਨਸ਼ਨ ਵਾਲੇ ਮਸਲੇ ਤੇ ਸਰਕਾਰ ਕੰਮ ਕਰ ਰਹੀ ਹੈ ਜਲਦ ਹੀ ਇਸਦੇ ਸਾਰਥਕ ਨਤੀਜੇ ਮਿਲਣਗੇ। ਇਸ ਮੌਕੇ ਸਾਥੀਆਂ ਸਮੇ ਮਲਕੀਤ ਸਿੰਘ ਹਰਾਜ ਨੇ ਆਖਿਆ ਕਿ 18 ਨਵੰਬਰ 2022 ਨੂੰ ਕੀਤੇ ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮੌਜੂਦਾ ਸਮੇਂ ਯੂਪੀਐੱਸ ਸਕੀਮ ਦੀ ਆੜ ਹੇਠ ਲਾਗੂ ਕਰਨ ਤੋਂ ਪੰਜਾਬ ਸਰਕਾਰ ਟਾਲਾ ਵੱਟਦੀ ਨਜ਼ਰ ਆ ਰਹੀ ਹੈ।ਉਹਨਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਸੱਦ ਕੇ ਰੱਦ ਕੀਤੇ ਗਏ ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਕੇਂਦਰੀ ਯੂਪੀਐੱਸ ਸਕੀਮ ਨੂੰ ਵੀ ਰੱਦ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ।
ਖੇਤੀਬਾੜੀ ਵਾਂਗ ਪੈਨਸ਼ਨ ਵੀ ਰਾਜਾਂ ਦਾ ਵਿਸ਼ਾ ਹੈ ਪਰ ਆਪ ਸਰਕਾਰ ਮੁਲਾਜ਼ਮਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਕੇਂਦਰ ਸਕੀਮ ਨੂੰ ਲਾਗੂ ਕਰਨ ਲਈ ਅੱਗੇ ਵੱਧ ਰਹੀ ਹੈ ਜਿਸ ਦੇ ਖਿਲਾਫ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।ਪੈਨਸ਼ਨ ਦੇ ਮੁੱਦੇ ਤੇ ਸਰਕਾਰ ਨੂੰ ਘੇਰਨ ਲਈ ਅਤੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦੇ ਹੱਕ ਵਿੱਚ ਮਤਾ ਲਿਆਉਣ ਲਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੂਰੇ ਪੰਜਾਬ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਨਾਥ ਨੇ ਆਖਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੋਰਚਾ ਵੱਲੋਂ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਅਹਿਮ ਵਿੱਤੀ ਮੰਗਾਂ ਨੂੰ ਲੈ ਕੇ 24 ਤੋਂ 26 ਮਾਰਚ ਤੱਕ ਬਜਟ ਸੈਸ਼ਨ ਦੇ ਸਮਾਂਤਰ ਤਿੰਨ ਦਿਨ ਰੈਲੀਆਂ ਅਤੇ ਵਿਧਾਨ ਸਭਾ ਚੰਡੀਗੜ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਫਰੰਟ ਵੱਲੋਂ 25 ਮਾਰਚ ਨੂੰ ਵੱਡੀ ਗਿਣਤੀ ਵਿੱਚ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਇਸ ਮੌਕੇ ਸੂਬਾ ਕਮੇਟੀ ਸਰਬਜੀਤ ਸਿੰਘ ਭਾਵੜਾ,ਸਰਬਜੀਤ ਸਿੰਘ ਟੁਰਨਾ, ਦਲੇਰ ਸਿੰਘ ਆਦਿ ਹਾਜ਼ਰ ਰਹੇ।