ਪੰਜਾਬ ਵਿਧਾਨ ਸਭਾ ਵੱਲ ਮਾਰਚ ਦਾ ਐਲਾਨ! ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਫਰੰਟ ਰੋਸ ਮਾਰਚ ‘ਚ ਕੀਤੀ ਜਾਵੇਗੀ ਬਝਵੀਂ ਸ਼ਮੂਲੀਅਤ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵੱਲੋਂ 25 ਮਾਰਚ ਦੇ ਐਲਾਣੇ ਵਿਧਾਨ ਸਭਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ- ਡੇਮੋਕ੍ਰੇਟਿਕ ਜੰਗਲਾਤ ਮੁਲਾਜ਼ਿਮ ਯੂਨੀਅਨ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਸੂਬਾ ਪੱਧਰੀ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਨਰਲ ਸਕੱਤਰ ਬਲਬੀਰ ਸਿੰਘ ਸਿਵੀਆਂ ਤੋਂ ਇਲਾਵਾ ਨਿਰਮਲ ਸਿੰਘ ਗੁਰਦਾਸਪੁਰ, ਹਰਜੀਤ ਕੌਰ ਸਮਰਾਲਾ, ਦੀਵਾਨ ਸਿੰਘ ਖਡੂਰ ਸਾਹਿਬ, ਮਹਿੰਦਰਪਾਲ ਦਸੂਹਾ, ਦਵਿੰਦਰ ਸਿੰਘ ਕਾਦੀਆਂ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਮੀਟਿੰਗ ਵਿੱਚ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਰਨਾਟਕਾ ਹਾਈਕੋਰਟ ਦੇ ਉਮਾਂ ਦੇਵੀ ਕੇਸ ਦਾ ਹਵਾਲਾ ਦੇ ਕੇ ਕੱਚੇ ਵਰਕਰਾਂ ਨੂੰ ਰੈਗੂਲਰ ਕਰਨ ਤੋਂ ਟਾਲਮਟੋਲ ਕੀਤੀ ਜਾਂਦੀ ਰਹੀ ਸੀ ਅਤੇ ਫਰਵਰੀ 2024 ਵਿੱਚ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਜੰਗਲਾਤ ਵਿਭਾਗ ਦੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਤਾਂ ਪੰਜਾਬ ਸਰਕਾਰ ਵੱਲੋਂ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਹਾਈਕੋਰਟ ਦੇ ਫੈਸਲੇ ਦੇ ਵਿਰੁੱਧ ਡਬਲ ਬੈਂਚ ਨੂੰ ਅਪੀਲ ਪਾ ਦਿੱਤੀ ਗਈ ਹੈ।
ਇਸ ਦਾ ਮਤਲਬ ਬਿਲਕੁਲ ਸਾਫ਼ ਹੈ ਕਿ ਪੰਜਾਬ ਸਰਕਾਰ ਕੱਚੇ ਵਰਕਰਾਂ ਨੂੰ ਰੈਗੂਲਰ ਨਹੀਂ ਕਰਨਾ ਚਾਹੁੰਦੀ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੇ ਸਮੂਹ ਕੱਚੇ ਵਰਕਰਾਂ ਨੂੰ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਦੇ ਬਜਟ ਸ਼ੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 25 ਮਾਰਚ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜੰਗਲਾਤ ਵਿਭਾਗ ਦੇ ਕੱਚੇ ਵਰਕਰ ਵੱਧ ਚੜ ਕੇ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਅਪ੍ਰੈਲ ਮਹੀਨੇ ਦੇ ਆਖਰੀ ਹਫ਼ਤੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਖ਼ਿਲਾਫ ਸੰਗਰੂਰ ਵਿਖੇ ਧਰਨਾ ਦੇਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ।