ਭਗਵੰਤ ਮਾਨ ਨੇ 900 ਤੋਂ ਵੱਧ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੂੰ ਸੌਂਪੇ ਨੌਕਰੀ ਦੇ ਨਿਯੁਕਤੀ ਪੱਤਰ
ਪੰਜਾਬ ਨੈੱਟਵਰਕ, ਲੁਧਿਆਣਾ
ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ, ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ ਅਤੇ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਅਫ਼ਸਰ, ਇੰਜੀਨੀਅਰ, ਡਾਕਟਰ ਅਤੇ ਹੋਰ ਆਗੂ ਬਣਨ ਲਈ ਤਿਆਰ ਕਰਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਦੇ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ ‘ਤੇ ਚੜ੍ਹ ਜਾਂਦੇ ਸਨ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਰੁਝਾਨ ਨੂੰ ਬਦਲ ਦਿੱਤਾ ਗਿਆ ਹੈ ਜਿਸ ਸਦਕਾ ਹੁਣ ਉਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਇਸ ਅਹਿਮ ਖੇਤਰ ਨੂੰ ਅਣਗੌਲਿਆ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਪਛੜ ਗਿਆ।
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਲਈ ਢੁੱਕਵਾਂ ਕੈਰੀਅਰ ਚੁਣ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਡਿਊਟੀ ਨੂੰ ਸੁਚੱਜੇ ਢੰਗ ਨਾਲ ਨਿਭਾਉਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ ਤਾਂ ਜੋ ਉਹ ਵੀ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਤਾਂ ਜੋ ਲੋਕ ਉਨ੍ਹਾਂ ਦੇ ਚੰਗੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਨਾਲ ਹੀ ਭਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਤੇ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 52,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਹਾਜ਼ਰ ਸਨ।