ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਮੋਰਚੇ ਨੂੰ ਜਬਰੀ ਖਤਮ ਕਰਵਾਉਣ ਅਤੇ ਕਿਸਾਨਾਂ ਦੀ ਰਿਹਾਈ ਲਈ DC ਦਫਤਰ ਅੱਗੇ ਧਰਨਾ ਸ਼ੁਰੂ
ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ –
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਹੀ ਜੋਨਾਂ ਦੀਆਂ ਵੱਖ-ਵੱਖ ਇਕਾਈਆਂ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ੰਭੂ ਤੇ ਖਨੌਰੀ ਚੱਲ ਰਹੇ ਸ਼ਾਂਤਮਈ ਕਿਸਾਨੀ ਮੰਗਾਂ ਤੇ ਮੋਰਚਿਆਂ ਨੂੰ ਜਬਰੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚੁੱਕਣ ਤੇ ਕੇਂਦਰ ਦੀ ਸਰਕਾਰ ਨਾਲ ਮੀਟਿੰਗ ਕਰਕੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਜਬਰੀ ਡਿਟੇਨ ਕਰਕੇ ਬੰਦ ਕਰਨ ਦੇ ਰੋਸ ਵਜੋਂ ਡੀਸੀ ਦਫਤਰ ਸ਼ਾਂਤਮਈ ਧਰਨਾ ਸ਼ੁਰੂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਿਲਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਜਿੰਨਾ ਚਿਰ ਬਿਨਾਂ ਸ਼ਰਤ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਮੋਰਚੇ ਨਿਰੰਤਰ ਜਾਰੀ ਰਹਿਣਗੇ ਤੇ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਦੇ ਫੋਰਮਾਂ ਵੱਲੋਂ ਮੀਟਿੰਗਾਂ ਕਰਕੇ ਸੰਘਰਸ਼ਾਂ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਜੋ ਕਿ ਆਮ ਲੋਕਾਂ ਦੀ ਸਰਕਾਰ ਹੋਣ ਦਾ ਹੋਕਾ ਦਿੰਦੀ ਹੈ, ਜਬਰੀ ਆਵਾਜ਼ ਨੂੰ ਦਬਾ ਕੇ ਕਾਰਪੋਰੇਟ ਘਰਾਣਿਆਂ ਦੇ ਮਨਸੂਬਿਆਂ ਨੂੰ ਸਫਲ ਬਣਾਉਣ ਲਈ ਤਤਪਰ ਹੈ, ਜੋ ਕਿ ਕਿਸਾਨ ਮਜ਼ਦੂਰ ਕਦੇ ਵੀ ਨਹੀਂ ਹੋਣ ਦੇਣਗੇ ਚਾਹੇ ਆਪਣੀਆਂ ਜਾਨਾਂ ਦੀ ਅਹੂਤੀ ਹੀ ਕਿਉਂ ਨਾ ਦੇਣੀ ਪਵੇ।
ਇਸ ਮੌਕੇ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਧਰਮ ਸਿੰਘ ਸਿੱਧੂ, ਰਣਜੀਤ ਸਿੰਘ ਖੱਚਰ ਵਾਲਾ, ਅਮਰਜੀਤ ਸਿੰਘ ਕੱਚਰਭੰਨ, ਨਰਿੰਦਰ ਪਾਲ ਸਿੰਘ ਜਤਾਲਾ, ਸੁਰਜੀਤ ਸਿੰਘ ਫੌਜੀ,ਹਰਭੂਲ ਸਿੰਘ ਦੂਲੇਵਾਲਾ, ਬਲਰਾਜ ਸਿੰਘ, ਵੀਰ ਸਿੰਘ, ਰਸ਼ਪਾਲ ਸਿੰਘ, ਗੁਰਮੇਲ ਸਿੰਘ, ਗੁਰਬਖ਼ਸ਼ ਸਿੰਘ ਮੱਖਣ ਸਿੰਘ ਆਦਿ ਕਿਸਾਨ ਆਗੂ ਹਾਜਰ ਸਨ।