ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਸਕੂਲਾਂ ‘ਚ 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਬੈਨਰਾਂ ਅਤੇ ਲਾਊਡ-ਸਪੀਕਰਾਂ ਵਾਲੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ 23 ਵੈਨਾਂ ਪੰਜਾਬ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਜਾਣਗੀਆਂ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਵਿੱਚ ਕਾਫੀ ਮਦਦ ਮਿਲੇਗੀ।
ਉਨ੍ਹਾਂ ਨੇ ਵਿਭਾਗ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 10 ਫ਼ੀਸਦ ਦਾਖਲਾ ਵਧਾਉਣ ਸਬੰਧੀ ਟੀਚੇ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ, ਸੂਬੇ ਦੇ 13,100 ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹੋਏ ਸਨ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਪਛਾਣ ਕਰਨ, ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਤੱਕ ਸਾਰਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਇਸ ਮੁਹਿੰਮ ਵਿੱਚ ਸਥਾਨਕ ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਡੀ.ਐਮ., ਸਥਾਨਕ ਜਨਤਕ ਸ਼ਖਸੀਅਤਾਂ, ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਮੈਂਬਰ, ਪੰਚਾਇਤਾਂ ਅਤੇ ਸਾਰੇ ਸਕੂਲ ਮੁਖੀ ਹਿੱਸਾ ਲੈਣਗੇ।
ਉਨ੍ਹਾਂ ਅੱਗੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਉਤਸ਼ਾਹਿਤ ਕਰਨਾ ਹੈ।