ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਸਰਕਾਰੀ ਅਧਿਆਪਕ ਸਮੇਤ 2 ਗੰਭੀਰ ਜ਼ਖਮੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਫਤਿਹਗੜ੍ਹ ਚੂੜੀਆਂ ਲਾਗੇ ਪਿੰਡ ਦਾਦੂਯੋਧ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਅਧਿਆਪਕ ਸਮੇਤ ਦੋ ਲੋਕਾਂ ਦੀ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ, ਜਦੋਂ ਕਿ ਇਸੇ ਹਾਦਸੇ ਵਿੱਚ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਅਧਿਆਪਕ ਸੁਰਿੰਦਰਪਾਲ ਸਿੰਘ ਆਪਣੀ ਡਿਊਟੀ ‘ਤੇ ਜਾ ਰਿਹਾ ਸੀ ਤਾਂ 2 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਾਹਮਣੇ ਤੋਂ ਆ ਰਹੇ ਸਨ। ਇਹਨਾਂ ਦੀ ਇੱਕ ਕਾਰ ਦੇ ਨਾਲ ਟੱਕਰ ਹੋ ਗਈ।
ਇਸ ਟੱਕਰ ਦੇ ਵਿੱਚ ਮਨਪ੍ਰੀਤ ਸਿੰਘ ਵਾਸੀ ਘਾੜਕੀਆਂ ਦੀ ਮੌਤ ਹੋ ਗਈ, ਜਦੋਂਕਿ ਅਧਿਆਪਕ ਸੁਰਿੰਦਰਪਾਲ ਸਿੰਘ ਅਤੇ ਜਤਿੰਦਰ ਸਿੰਘ ਜ਼ਖਮੀ ਹੋ ਗਏ।
ਜਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ, ਜਦੋਂ ਕਿ ਅਧਿਆਪਕ ਸੁਰਿੰਦਰਪਾਲ ਸਿੰਘ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆਂ, ਉਹਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦਾ ਕਰੀਬ ਦੋ ਸਾਲ ਪਹਿਲੋਂ ਵਿਆਹ ਹੋਇਆ ਸੀ ਅਤੇ ਉਸ ਦਾ ਕਰੀਬ 10 ਮਹੀਨੇ ਦਾ ਇੱਕ ਬੇਟਾ ਵੀ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਥਾਣੇਦਾਰ ਸੁਖਦੇਵ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਹਨਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲੈਂਦਿਆਂ ਹੋਇਆਂ ਮਨਪ੍ਰੀਤ ਸਿੰਘ ਭਿੰਡਰ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।