ਅਹਿਮ ਖ਼ਬਰ: ਪੰਜਾਬ ਕੈਬਨਿਟ ਸਬ-ਕਮੇਟੀ ਨਾਲ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ 8 ਅਪ੍ਰੈਲ ਨੂੰ ਹੋਵੇਗੀ ਮੀਟਿੰਗ
ਦਲਜੀਤ ਕੌਰ, ਸੰਗਰੂਰ
ਪੰਜਾਬ ਪੇਅ ਸਕੇਲ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਅਗਵਾਈ ਹੇਠ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਗਿਆ। ਪਹਿਲਾਂ ਪਟਿਆਲਾ ਬਾਈਪਾਸ ਪੁਲ ਦੇ ਹੇਠਾਂ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਇਹਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਅਤੇ ਕੋਠੀ ਅੱਗੇ ਧਰਨਾ ਦਿੱਤਾ ਗਿਆ। ਇਹ ਮੌਕੇ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੇ ਆਗੂਆਂ ਦਾ 8 ਅਪ੍ਰੈਲ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਮੁਲਜ਼ਮ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ।
ਇਸ ਮੌਕੇ ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਸੂਬਾ ਕਨਵੀਨਰਾਂ ਨੇ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਇਆ ਕਿ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੀ ਆਮ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸੀ ਭਾਵੇਂ ਉਹ ਪੁਰਾਣੀ ਪੈਨਸ਼ਨ ਬਹਾਲੀ ਦਾ ਹੋਵੇ ਜਾਂ ਪੰਜਾਬ ਦੇ ਪੇਅ ਸਕੇਲ ਬਹਾਲ ਕਰਨ ਦੀ ਗੱਲ ਹੋਵੇ ਸਰਕਾਰ ਨੇ ਇਹਨਾਂ ਵਿੱਚੋਂ ਕੋਈ ਵੀ ਵਾਅਦਾ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੂਰਾ ਨਹੀਂ ਕੀਤਾ।
ਜਿਸ ਦੇ ਰੋਸ ਵਜੋਂ ਇੱਕ ਪਾਸੇ ਮੁਲਾਜ਼ਮਾਂ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੀ ਰੁੱਖ ਕੀਤਾ, ਜਿਸ ਵਿੱਚ ਫ਼ੈਸਲਾ ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਤੇ ਸਰਕਾਰ ਨੂੰ ਅਦਾਲਤ ਵੱਲੋਂ ਮੁਲਾਜ਼ਮਾਂ ਉੱਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਦੀ ਗੱਲ ਕਹੀ ਗਈ। ਇਸ ਤੋਂ ਬਾਅਦ ਵੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਪਾਈ, ਜੋ ਕਿ ਸਰਕਾਰ ਹਾਰ ਗਈ ਤੇ ਉਸ ਤੋਂ ਬਾਅਦ ਦੁਬਾਰਾ ਰਿਵਿਊ ਪਟੀਸ਼ਨ ਪਾਈ ਗਈ।
ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਵਾਅਦਾ ਪੂਰਾ ਨਹੀਂ ਕਰਨਾ ਚਾਹੁੰਦੀ। ਇਸ ਮੌਕੇ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਜੇਕਰ ਆਉਣ। ਵਾਲੇ ਸਮੇਂ ਵਿੱਚ ਜੇਕਰ ਪੰਜਾਬ ਸਰਕਾਰ ਪੰਜਾਬ ਪੇਅ ਸਕੇਲ ਲਾਗੂ ਕਰਨ ਤੋਂ ਇੰਨਕਾਰੀ ਹੁੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜ਼ਾਬ ਸਰਕਾਰ ਦੇ ਹਰ ਪ੍ਰੋਗਰਾਮ ਦਾ ਵਿਰੋਧ ਕੀਤਾ ਜਾਵੇਗਾ।
ਇਸ ਸਮੇਂ ਸੂਬਾ ਕਨਵੀਨਰ ਸ਼ਲਿੰਦਰ ਕੰਬੋਜ਼, ਯੁੱਧਜੀਤ ਸਿੰਘ, ਸੰਦੀਪ ਸਿੰਘ, ਤਰਸੇਮ ਸਿੰਘ, ਸੱਸਪਾਲ ਸਿੰਘ, ਅੰਕਿਤ ਵਰਮਾਂ, ਨਵਜੀਵਨ ਸਿੰਘ, ਸੁਰਿੰਦਰ ਸਿੰਘ, ਨਿਰਮਲ ਜ਼ੀਰਾ, ਸੁਮਿਤ ਕੰਬੋਜ਼, ਕੁਲਦੀਪ ਖੋਖਰ ਸਟੇਟ ਕਮੇਟੀ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਡੀ. ਟੀ. ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਜਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਸੁਬਾਰਡੀਨੇਟ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ, ਪੁਰਾਣੀ ਪੈਂਨਸ਼ਨ ਪ੍ਰਾਪਤੀ ਫਰੰਟ ਤੋਂ ਰਣਦੀਪ ਸਿੰਘ ਆਦਿ ਆਗੂ ਵੀ ਹਾਜ਼ਰ ਸਨ।