ਪੰਜਾਬ ਸਰਕਾਰ ਦੇ ਬਜਟ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀਤਾ ਅੱਖੋਂ ਪਰੋਖੇ! ਸਾਂਝੇ ਫਰੰਟ ਵੱਲੋਂ ਨਿਖੇਧੀ

All Latest NewsNews FlashPunjab News

 

ਖੋਖਲੇ ਬਜਟ ਦੀਆਂ ਕਾਪੀਆਂ ਫੂਕਣ ਦਾ ਸੱਦਾ

ਦਲਜੀਤ ਕੌਰ, ਚੰਡੀਗੜ੍ਹ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 24-25 ਮਾਰਚ ਨੂੰ ਮੋਹਾਲੀ ਵਿਖੇ ਲਗਾਤਾਰ ਕੀਤੀਆਂ ਗਈਆਂ ਦੋ ਰੈਲੀਆਂ ਅਤੇ ਵਿਧਾਨ ਸਭਾ ਵੱਲ ਕੀਤੇ ਗਏ ਮਾਰਚ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ।

ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਵਿੰਦਰਪਾਲ ਸਿੰਘ ਮੋਲੋਵਾਲੀ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਭਜਨ ਸਿੰਘ ਗਿੱਲ, ਰਣਜੀਤ ਸਿੰਘ ਰਾਣਵਾਂ, ਗਗਨਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਬਾਜ ਸਿੰਘ ਖਹਿਰਾ, ਜਗਦੀਸ਼ ਸਿੰਘ ਚਾਹਲ, ਰਤਨ ਸਿੰਘ ਮਜਾਰੀ, ਸੁਖਦੇਵ ਸਿੰਘ ਸੈਣੀ, ਕੁਲਵਰਨ ਸਿੰਘ, ਐਨ.ਕੇ.ਕਲਸੀ, ਰਾਧੇ ਸ਼ਾਮ, ਜਸਵੀਰ ਤਲਵਾੜਾ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲਾ ਅਤੇ ਦਿਗਵਿਜੇ ਪਾਲ ਸ਼ਰਮਾਂ ਨੇ ਆਖਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬੱਜਟ ਵਿੱਚ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾ ਨਾਲ ਧੋਖਾ ਕੀਤਾ ਗਿਆ ਹੈ।

ਉਹਨਾ ਨੇ ਕਿਹਾ ਕਿ ਸਰਕਾਰ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ, ਐਨ.ਪੀ.ਐੱਸ. ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਤਹਿ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਮੁੜ ਬਹਾਲ ਕਰਨ, ਡੀ.ਏ. ਨੂੰ ਕੇਂਦਰ ਨਾਲ ਲਿੰਕ ਕਰਕੇ ਰਹਿੰਦੇ ਸਾਰੇ ਬਕਾਇਆਂ ਦਾ ਭੁਗਤਾਨ ਕਰਨ।

ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸਾਰੇ ਬਕਾਏ ਤਿੰਨ ਕਿਸ਼ਤਾਂ ਵਿੱਚ ਅਦਾ ਕਰਨ, 17-07-2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲਾਂ ਨਾਲ ਜੋੜਨ, ਮੁਲਾਜ਼ਮਾਂ ਦੇ ਪਰਖ ਸਮੇਂ ਸਬੰਧੀ 15-01-15 ਦੇ ਪੱਤਰ ਨੂੰ ਰੱਦ ਕਰਕੇ ਪਰਖ ਸਮਾਂ 2 ਸਾਲ ਕਰਨ ਅਤੇ ਵਿਕਾਸ ਕਰ ਦੇ ਨਾਮ ਹੇਠ ਪ੍ਰਤੀ ਮਹੀਨਾ 200 ਰੁਪਏ ਜਜੀਏ ਨੂੰ ਰੱਦ ਕਰਨ ਦੀਆਂ ਚੋਣ ਗਾਰੰਟੀਆਂ ਦਿੱਤੀਆਂ ਗਈਆਂ ਸਨ ਪ੍ਰੰਤੂ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਚੌਥੇ ਬੱਜਟ ਵਿੱਚ ਵੀ ਇਹਨਾ ਗਾਰੰਟੀਆਂ ਬਾਰੇ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ।

ਇਸ ਸਬੰਧੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਮਾਣ ਭੱਤਾ ਵਰਕਰਾਂ ਅਤੇ ਪੈਨਸ਼ਨਰਾਂ ਨੂੰ 27-28 ਮਾਰਚ ਨੂੰ ਸਮੁੱਚੇ ਪੰਜਾਬ ਅੰਦਰ ਥਾਂ ਥਾਂ ‘ਤੇ 2025-26 ਦੇ ਬੱਜਟ ਦੀਆਂ ਕਾਪੀਆਂ ਫੂਕਣ ਦਾ ਸੱਦਾ ਦਿੱਤਾ ਅਤੇ ਅਪੀਲ ਕੀਤੀ ਕਿ ਇਸ ਤਰ੍ਹਾਂ ਕਰਦੇ ਵਕ਼ਤ ਬੱਜਟ ਡਾਕੂਮੈਂਟ ਦੇ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਸਾਹਿਬ ਦੀ ਤਸਵੀਰ ਵਾਲੇ ਟਾਈਟਲ ਪੰਨੇ ਨੂੰ ਸਤਿਕਾਰ ਸਹਿਤ ਉਤਾਰ ਲਿਆ ਜਾਵੇ।

 

Media PBN Staff

Media PBN Staff

Leave a Reply

Your email address will not be published. Required fields are marked *