ਆਦਰਸ਼ ਸਕੂਲ ਚਾਉਂਕੇ ਦੇ ਅਧਿਆਪਕਾਂ ਦਾ ਧਰਨਾ ਜ਼ਬਰੀ ਚੁਕਵਾਉਣ ਅਤੇ ਆਗੂਆਂ ਦੀ ਗ੍ਰਿਫਤਾਰੀ ਅਤਿਅੰਤ ਨਿੰਦਣਯੋਗ- ਡੈਮੋਕਰੈਟਿਕ ਟੀਚਰਜ਼ ਫਰੰਟ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੀ ਆਪ ਸਰਕਾਰ ਵੱਲੋਂ ਆਦਰਸ਼ ਸਕੂਲ ਚਾਉਂਕੇ ਦੇ ਅਧਿਆਪਕਾਂ ਦਾ ਪੱਕਾ ਮੋਰਚਾ ਪੁਲੀਸ ਜ਼ਬਰ ਰਾਹੀਂ ਚੁਕਵਾਉਣ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਲੋਕਤੰਤਰ ਦੇ ਮੱਥੇ ਤੇ ਕਲੰਕ ਹਨ।
ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਮੈਨੇਜਮੈਂਟ ਕਮੇਟੀ ਖਿਲਾਫ ਕੀਤੀ ਗਈ ਪੜਤਾਲ ਨੂੰ ਜਨਤਕ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਔਰਤ ਅਧਿਆਪਕਾਵਾਂ ਅਤੇ ਕਿਸਾਨ ਆਗੂਆਂ ਤੇ ਲਾਠੀਚਾਰਜ ਕਰਕੇ ਜ਼ਬਰੀ ਥਾਣਿਆਂ ਵਿੱਚ ਬੰਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਪੰਜਾਬ ਨੂੰ ਪੁਲਿਸ ਸਟੇਟ ਵਜੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਮਹੂਰੀ ਕਦਰਾਂ ਕੀਮਤਾਂ ਦਾ ਘਾਣ ਕਰ ਰਹੀ ਹੈ।