ਭਗਵੰਤ ਮਾਨ ਸਰਕਾਰ ਦੇ ਬਜਟ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨਹੀਂ ਹੋਇਆ ਜ਼ਿਕਰ! ਮੁਲਾਜ਼ਮਾਂ ਵੱਲੋਂ ਰੋਸ ਵਜੋਂ ਬਜਟ ਦੀਆਂ ਕਾਪੀਆਂ ਸਾੜਨ ਦਾ ਐਲਾਨ
ਬਜਟ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਰੋਸ ਵਜੋਂ 15 ਅਪ੍ਰੈਲ ਤੱਕ ਬਜਟ ਦੀਆਂ ਕਾਪੀਆਂ ਸੜੀਆਂ ਜਾਣਗੀਆਂ – ਗੁਰਜੰਟ ਕੋਕਰੀ
1 ਅਪ੍ਰੈਲ ਤੋਂ ਐਨਪੀਐਸ ਦੀ ਕਟੌਤੀ ਬੰਦ ਕਰਕੇ ਜੀਪੀਐਫ ਕਟੌਤੀ ਸ਼ੁਰੂ ਕਰਨ ਦੀ ਮੰਗ-
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੋਹੇਲਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚੌਥੇ ਬਜਟ ਵਿੱਚ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਕੇ ਇੱਕ ਵਾਰ ਫਿਰ ਬਹੁਤ ਵੱਡਾ ਧੋਖਾ ਕੀਤਾ ਹੈ।
ਜਿਸ ਦੇ ਰੋਸ ਵਜੋਂ ਮੋਰਚੇ ਵਲੋਂ 15 ਅਪ੍ਰੈਲ ਤੱਕ ਦਫਤਰਾਂ, ਡੀਪੂਆਂ, ਬਲਾਕਾਂ, ਤਹਿਸੀਲਾਂ ਤੇ ਹੋਰ ਵੱਖ ਵੱਖ ਸਥਾਨਾਂ ਤੇ ਪੰਜਾਬ ਦੇ ਕੋਨੇ ਕੋਨੇ ਵਿੱਚ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ।
ਆਗੂਆਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਉਤੇ ਮੁਲਾਜ਼ਮਾਂ ਨਾਲ਼ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ ਪੀ ਐਸ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ 3 ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਹੈ।
ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵੱਲੋਂ ਨਵੀਂਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ।
ਇਸ ਸਮੇਂ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਤੋਂ 1972 ਦੇ ਪੈਂਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ।
ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਮੀਟਿੰਗ ਕਰਕੇ ਅਗਲੇ ਤਿੱਖੇ ਸੰਗਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਮਨਦੀਪ ਸਿੰਘ ਰੋਪੜ, ਅਜੇ ਕੁਮਰ, ਸਤਵਿੰਦਰਪਾਲ ਸਿੰਘ ਦੋਰਾਹਾ ਆਦਿ ਆਗੂ ਹਾਜ਼ਰ ਸਨ।