DC Transfer: ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਨਵਾਂ ਡੀਸੀ
DC Transfer: ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਸੰਭਾਲਿਆ ਅਹੁਦਾ, ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸਨ ਲਈ ਲੋਕ ਸਹਿਯੋਗ ਕਰਨ – ਡੀ.ਸੀ.
ਰੋਹਿਤ ਗੁਪਤਾ, ਗੁਰਦਾਸਪੁਰ
DC Transfer: ਪੰਜਾਬ ਸਰਕਾਰ ਦੇ ਵੱਲੋਂ ਬਦਲੇ ਗਏ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੀ ਲਿਸਟ ਵਿੱਚ ਸੀਨੀਅਰ ਆਈਏਐਸ ਅਫ਼ਸਰ ਦਲਵਿੰਦਰਜੀਤ ਸਿੰਘ ਦਾ ਨਾਮ ਵੀ ਸ਼ਾਮਲ ਹੈ। ਸਰਕਾਰ ਨੇ ਦਲਵਿੰਦਰਜੀਤ ਸਿੰਘ ਨੂੰ ਗੁਰਦਾਸਪੁਰ ਦਾ ਨਵਾਂ ਡੀਸੀ ਨਿਯੁਕਤ ਕੀਤਾ ਗਿਆ ਹੈ।
ਅੱਜ ਦਲਵਿੰਦਰਜੀਤ ਸਿੰਘ ਦੇ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡੀਸੀ ਦਫ਼ਤਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਦੱਸਣਯੋਗ ਹੈ ਕਿ ਦਲਵਿੰਦਰਜੀਤ ਸਿੰਘ 2017 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਮੁੱਖ ਸਕੱਤਰ, ਪੰਜਾਬ ਦੇ ਓ.ਐੱਸ.ਡੀ. ਵਜੋਂ ਤਾਇਨਾਤ ਸਨ। ਇਸ ਤੋਂ ਇਲਾਵਾ ਉਹ ਕਈ ਜ਼ਿਲ੍ਹਿਆਂ ਵਿੱਚ ਵੀ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।
ਸਰਕਾਰੀ ਕੰਮਾਂ-ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਗੁਰਦਾਸਪੁਰ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ੇ ਨਾਲ ਜੁੜੀ ਹਰ ਗਤੀਵਿਧੀ ਨੂੰ ਨਕੇਲ ਪਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨ ਹਿਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਿਸ਼ੇਸ਼ ਮੁਹਿੰਮ ਚਲਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਮੀਨੀ ਪੱਧਰ ‘ਤੇ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜ਼ਿਲ੍ਹਾ ਗੁਰਦਾਸਪੁਰ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ।
ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਜ), ਜਸਪਿੰਦਰ ਸਿੰਘ, ਆਈ.ਏ.ਐੱਸ., ਐੱਸ.ਡੀ.ਐੱਮ. ਦੀਨਾਨਗਰ, ਮਨਜੀਤ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ, ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਜਯੋਤਸਨਾ ਸਿੰਘ, ਐੱਸ.ਡੀ.ਐੱਮ. ਕਲਾਨੌਰ, ਸ੍ਰੀਮਤੀ ਵੀਰਪਾਲ ਕੌਰ ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ, ਸਹਾਇਕ ਕਮਿਸ਼ਨਰ (ਜਨਰਲ) ਆਦਿੱਤਿਯਾ ਗੁਪਤਾ ਸਮੇਤ ਹੋਰ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਮਾਤਾ-ਪਿਤਾ ਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।