ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਪਿੰਡਾਂ ’ਚ ਆਪ ਲੀਡਰਾਂ ਦੇ ਦਾਖ਼ਲੇ ’ਤੇ ਲੱਗੀ ਪਾਬੰਦੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਕੁੱਝ ਪਿੰਡਾਂ ਵਿੱਚ ਆਪ ਲੀਡਰਾਂ ਦੇ ਦਾਖ਼ਲੇ ‘ਤੇ ਰੋਕ ਲੱਗ ਗਈ ਹੈ। ਦਰਅਸਲ, ਇਹ ਰੋਕ ਕਿਸੇ ਹੋਰ ਨੇ ਨਹੀਂ ਲਗਾਈ, ਬਲਕਿ ਕਿਸਾਨਾਂ ਦੇ ਵੱਲੋਂ ਆਪਣੇ ਪੱਧਰ ਤੇ ਲਗਾਈ ਗਈ ਹੈ।
ਕਿਸਾਨਾਂ ਨੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਐਲਾਨ ਕਰ ਦਿੱਤਾ ਹੈ ਕਿ ਕਿਸਾਨਾਂ ਦੇ ਨਾਲ ਧੋਖਾ ਕਰਨ ਵਾਲੇ ਲੀਡਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਹੋਰਨਾਂ ਮਾਲਵੇ ਅਤੇ ਮਾਝੇ ਦੇ ਜਿਲ੍ਹਿਆਂ ਵਿੱਚ ਕਿਸਾਨਾਂ ਨੇ ਏਕਾ ਕੀਤਾ ਹੈ ਕਿ ਸੱਤਾਧਾਰੀ ਪਾਰਟੀ ਦੇ ਲੀਡਰਾਂ ਨੂੰ ਪਿੰਡਾਂ ਦੇ ਵਿੱਚ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ, ਕਿਉਂਕਿ ਇਨ੍ਹਾਂ ਲੀਡਰਾਂ ਤੋਂ ਵਿਸ਼ਵਾਸ਼ ਉੱਠ ਗਿਆ ਹੈ।
ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਜੁਗਲਾਣ ਵਿੱਚ ਤਾਂ ਕਿਸਾਨਾਂ ਦੇ ਵੱਲੋਂ ਫਲੈਕਸ ਬੋਰਡ ਵੀ ਲਗਾ ਦਿੱਤੇ ਗਏ ਹਨ ਕਿ ਆਪ ਲੀਡਰਾਂ ਦੀ ਇਸ ਪਿੰਡ ਵਿੱਚ ਐਂਟਰੀ ਬੈਨ ਹੈ।
ਬੀਕੇਯੂ ਸਿੱਧੂਪੁਰ ਦੇ ਪਿੰਡ ਇਕਾਈ ਦੇ ਪ੍ਰਧਾਲ ਸੁਖਪਾਲ ਸਿੰਘ, ਮੈਂਬਰ ਬਹਾਦਰ ਸਿੰਘ, ਦਿਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਕੀਲ ਸਿੰਘ ਨੇ ਕਿਹਾ ਕਿ ਅੱਜ ਪਿੰਡ ’ਚ ਇਕੱਠ ਕੀਤਾ ਗਿਆ ਸੀ ਅਤੇ ਇਸ ਦੌਰਾਨ ਪਿੰਡ ਜੁਗਲਾਣ ’ਚ ‘ਆਪ’ ਆਗੂਆਂ ਦੇ ਦਾਖ਼ਲ ਹੋਣ ’ਤੇ ਰੋਕ ਲਗਾ ਦਿੱਤੀ ਗਈ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ‘ਆਪ’ ਆਗੂ ਆਉਣਗੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਲਗਾਤਾਰ ਕਿਸਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਕਾਰਨ ਰੋਸ ਵੱਜੋਂ ਅਜਿਹਾ ਮਤਾ ਪਾਇਆ ਗਿਆ ਹੈ। ਕਿਸਾਨਾਂ ਦੇ ਨਾਲ ਆਪ ਸਰਕਾਰ ਲਗਾਤਾਰ ਧੱਕੇਸ਼ਾਹੀ ਕਰ ਰਹੀ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।