ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਵੱਲੋਂ ਹੁਣ ਜਲੰਧਰ ‘ਚ ਵੱਡੀ ਰੈਲੀ ਕਰਨ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ ਪ.ਸ.ਸ.ਫ. ਵਲੋਂ ਮਿਤੀ 10 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਸ ਰੈਲੀ ਸਬੰਧੀ ਜ਼ਿਲਿਆਂ ਤੋਂ ਪ੍ਰਾਪਤ ਕੀਤੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਆਗੂਆਂ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਆਪਣੀਆਂ ਮੀਟਿੰਗਾਂ ਕਰਕੇ ਰੈਲੀ ਵਿੱਚ ਭਰਵੀਂ ਅਮੂਲੀਅਤ ਕਰਵਾਉਣ ਲਈ ਪ੍ਰੋਗਰਾਮ ਬਣਾ ਲਏ ਗਏ ਹਨ।
ਇਸ ਰੈਲੀ ਨੂੰ ਸੰਬੋਧਨ ਕਰਨ ਲਈ ਮੁਲਾਜ਼ਮਾਂ ਦੀ ਕੌਮੀਂ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਿੱਤ ਸਕੱਤਰ ਸਾਥੀ ਸ਼ਸ਼ੀ ਕਾਂਤ ਬਿਹਾਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।
ਜੱਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ , ਮੱਖਣ ਸਿੰਘ ਵਾਹਿਦਪੁਰੀ , ਸੁਖਵਿੰਦਰ ਸਿੰਘ ਚਾਹਲ, ਕਰਮਜੀਤ ਸਿੰਘ ਬੀਹਲਾ ਨੇ ਦੱਸਿਆ ਕਿ ਇਸ ਰੈਲੀ ਦੀ ਸਫਲਤਾ ਲਈ ਆਗੂਆਂ ਵਲੋਂ ਹਰ ਮੁਲਾਜ਼ਮ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਮੁਲਾਜ਼ਮ ਵਰਗ ਅੰਦਰ ਵੀ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਕਿਉਂਕਿ ਸਮੁੱਚਾ ਮੁਲਾਜ਼ਮ ਵਰਗ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਵਿਰੋਧ ਦੀ ਨੀਤੀ ਕਾਰਣ ਗੁੱਸੇ ਵਿੱਚ ਹੈ ਅਤੇ ਸਰਕਾਰ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹੈ।