ਅਧਿਆਪਕਾਂ ਦੀ ਲਾਹਪਾਹ! ਜੌੜਾਮਾਜਰਾ ਬਿਨਾਂ ਸ਼ਰਤ ਮੰਗੇ ਮੁਆਫ਼ੀ- DTF ਨੇ ਜਾਰੀ ਕੀਤਾ ਵੱਡਾ ਬਿਆਨ
ਅਧਿਆਪਕਾਂ ਦੀ ਲਾਹਪਾਹ: ਸੂਬਾ ਸਰਕਾਰ ਸਰਕਾਰੀ ਸਕੂਲਾਂ ’ਚ ਸਿਆਸੀ ਦਖਲਅੰਦਾਜ਼ੀ ਬੰਦ ਕਰੇ- ਡੀਟੀਐੱਫ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ‘ਆਪ’ ਸਰਕਾਰ ’ਤੇ ਸਰਕਾਰੀ ਸਕੂਲਾਂ ਦਾ ਸਿਆਸੀਕਰਨ ਕਰਨ ਦੇ ਦੋਸ਼ ਲਾਏ ਹਨ। ਡੀਟੀਐੱਫ ਆਗੂਆਂ ਨੇ ਸੋਮਵਾਰ ਨੂੰ ਸਿੱਖਿਆ ਕ੍ਰਾਂਤੀ ਨੂੰ ਪ੍ਰਫੁੱਲਤ ਕਰਨ ਦੇ ਨਾਮ ’ਤੇ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ‘ਆਪ’ ਵਿਧਾਇਕਾਂ ਨੂੰ ਭੇਜਣ ਦੀ ਕਾਰਵਾਈ ਦੇ ਹਵਾਲੇ ਨਾਲ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ’ਚ ਸਿਆਸੀ ਦਖਲਅੰਦਾਜ਼ੀ ਬੰਦ ਕਰੇ।
ਜਥੇਬੰਦੀ ਨੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ’ਤੇ ਅਜਿਹੇ ਹੀ ਇੱਕ ਸਮਾਗਮ ਦੌਰਾਨ ਸਕੂਲ ਦੀ ਸਟੇਜ ਤੋਂ ਅਧਿਆਪਕਾਂ ਦੀ ਲਾਹਪਾਹ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਧਿਆਪਕ ਵਰਗ ਸਕੂਲਾਂ ’ਚ ਅਜਿਹਾ ਬਦਸੂਰਤ ਮਾਹੌਲ ਸਿਰਜਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਵਿਧਾਇਕ ਜੌੜਾਮਾਜਰਾ ਬਿਨਾਂ ਸ਼ਰਤ ਮੁਆਫੀ ਮੰਗਣ।
ਇਥੇ ਜਾਰੀ ਇੱਕ ਬਿਆਨ ’ਚ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਖ਼ਦਸ਼ਾ ਜ਼ਾਹਿਰ ਕੀਤਾ ਜਾਂਦਾ ਰਿਹਾ ਹੈ ਕਿ ਸਕੂਲਾਂ ਦੇ ਸੰਵੇਦਨਸ਼ੀਲ ਮਾਹੌਲ ਦਾ ਸਿਆਸੀਕਰਨ ਵਿੱਦਿਅਕ ਮਾਹੌਲ ਨੂੰ ਖਰਾਬ ਕਰੇਗਾ। ਇਸ ਦੀ ਤਾਜ਼ਾ ਮਿਸਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਇੱਕ ਸਰਕਾਰੀ ਸਕੂਲ ’ਚ ਅਧਿਆਪਕਾਂ ਨੂੰ ਬੋਲੇ ਕਥਿਤ ਅਪਸ਼ਬਦ ਹਨ।
ਅਧਿਆਪਕ ਆਗੂਆਂ ਨੇ ਸਰਕਾਰ ਤੋਂ ਸਕੂਲਾਂ ਨੂੰ ਸਿਆਸੀ ਹਿਤਾਂ ਲਈ ਵਰਤਣ ਤੋਂ ਗੁਰੇਜ਼ ਕਰਨ ਦੀ ਮੰਗ ਕਰਦਿਆਂ ਅਜਿਹੇ ਬੇਲੋੜੇ ਪ੍ਰੋਗਰਾਮਾਂ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਸਕੂਲਾਂ ਦੇ ਸਾਲਾਨਾ ਨਤੀਜੇ ਐਲਾਨਣ ਲਈ ਕੀਤੀਆਂ ਗਈਆਂ ਪੀਟੀਐੱਮ ਵਿੱਚ ਵਿਦਿਆਰਥੀਆਂ ਸਮੇਤ ਮਾਪਿਆਂ ਵੱਲੋਂ ਵੱਡੀ ਗਿਣਤੀ ਸਮੂਲੀਅਤ ਕੀਤੀ ਗਈ ਸੀ।
ਜਦਕਿ ਹੁਣ ਸਕੂਲਾਂ ਅੰਦਰ ਦਾਖਲਿਆਂ ਦਾ ਮਾਹੌਲ ਹੋਣ ਕਾਰਨ ਕਿਤਾਬਾਂ ਦੀ ਵੰਡ ਵੰਡਾਈ ਤੇ ਯੂਡਾਇਸ ਸਮੇਤ ਹੋਰ ਰੁਝੇਵੇਂ ਅਧਿਆਪਕਾਂ ਨੂੰ ਸਿਰ ਖੁਰਕਣ ਦੀ ਵਿਹਲ ਨਹੀਂ ਦੇ ਰਹੇ। ਜਿਸ ਕਰਕੇ ਅਜਿਹੇ ਸਮੇਂ ਸਕੂਲਾਂ ਨੂੰ ਸਿਆਸੀ ਅਖਾੜੇ ਬਣਾ ਕੇ ਵਿਦਿਅਕ ਮਾਹੌਲ ਨੂੰ ਹੋਰ ਨਿਵਾਣ ਵੱਲ ਧੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਪਟਿਆਲਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿਚਲੇ ਅਜਿਹੇ ਇੱਕ ਸਮਾਗਮ ਨੂੰ ਸੰਬੋਧਨ ਦੌਰਾਨ ਅਧਿਆਪਕਾਂ ਦੀ ਲਾਹ ਪਾਹ ਕਰਦਿਆਂ ਵਿਧਾਇਕ ਜੌੜਾਮਾਜਰਾ ਦੀ ਇੱਕ ਵੀਡੀਓ ਕਲਿੱਪ ਵੱਡੇ ਪੱਧਰ ’ਤੇ ਵਾਇਰਲ ਹੋ ਰਹੀ ਹੈ।