All Latest NewsNews FlashPunjab News

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਮਮਦੋਟ ਥਾਣੇ ਦਾ SHO 25000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ- ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

ਜਸਬੀਰ ਸਿੰਘ ਕੰਬੋਜ, ਫਿਰੋਜ਼ਪੁਰ/ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਪੰਜਾਬ ਦੇ ਥਾਣੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Leave a Reply

Your email address will not be published. Required fields are marked *