All Latest NewsNews FlashPunjab News

Punjab News: ਅਧਿਆਪਕ ਜਥੇਬੰਦੀਆਂ ਨੇ ਫੂਕਿਆ ਅਖੌਤੀ ਸਿੱਖਿਆ ਕ੍ਰਾਂਤੀ ਦਾ ਪੁਤਲਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਡੈਮੋਕ੍ਰੈਟਿਕ ਟੀਚਰਜ਼ ਫਰੰਟ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਅਤੇ ਮੈਰੀਟੋਰੀਅਸ ਅਧਿਆਪਕ ਜਥੇਬੰਦੀ ਵੱਲੋਂ ਸਾਂਝਾ ਰੋਸ ਪ੍ਰਦਰਸਨ* ਸੰਗਰੂਰ, 16 ਅਪ੍ਰੈਲ- ਸੂਬੇ ਭਰ ਦੇ ਸਕੂਲਾਂ ਵਿੱਚ ਅਖੌਤੀ ਸਿੱਖਿਆ ਕ੍ਰਾਂਤੀ ਦੇ ਨਾਮ ਹੇਠ ਨੀਂਹ ਪੱਥਰਾਂ ਅਤੇ ਉਦਘਾਟਨੀ ਸਮਾਰੋਹਾਂ ਦੀ ਝੜੀ ਲਾਉਣ ਵਾਲੀ ਆਪ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵੱਲੋਂ ਅੱਜ ਡੀ.ਈ.ਓ. (ਸੈ.ਸਿੱ.) ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਉਪਰੰਤ ਜਥੇਬੰਦੀਆਂ ਵੱਲੋਂ ਬਜ਼ਾਰ ਵਿੱਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਅਤੇ ਇਸਦੀ ਅਖੌਤੀ ਸਿੱਖਿਆ ਕ੍ਰਾਂਤੀ ਦਾ ਪੁਤਲਾ ਬੱਤੀਆਂ ਵਾਲੇ ਚੌਕ ਵਿਖੇ ਫੂਕਿਆ ਗਿਆ ਅਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।

ਮੁਜ਼ਾਹਰੇ ਦੌਰਾਨ ਸੰਬੋਧਨ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ,ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ,ਮੈਰੀਟੋਰੀਅਸ ਅਧਿਆਪਕ ਯੂਨੀਅਨ, ਭਰਾਤਰੀ ਜਥੇਬੰਦੀਆਂ ਪੰਜਾਬ ਸਟੂਡੈਂਟਸ ਯੂਨੀਅਨ (ਰੰਧਾਵਾ),ਬੀ.ਕੇ.ਯੂ. ਉਗਰਾਹਾਂ,ਜ਼ਮਹੂਰੀ ਅਧਿਕਾਰ ਸਭਾ ਪੰਜਾਬ, ਦੇ ਆਗੂਆਂ ਦਾਤਾ ਸਿੰਘ ਨਮੋਲ,ਹਰਭਗਵਾਨ ਗੁਰਨੇ,ਬਲਬੀਰ ਲੌਂਗੋਵਾਲ, ਕੁਲਵਿੰਦਰ ਸਿੰਘ,ਬਲਦੇਵ ਬੱਗੂਆਣਾ,ਹਰਮੇਲ ਸਿੰਘ ਲੋਹਾਖੇੜਾ,ਹੁਸ਼ਿਆਰ ਮੂਣਕ,ਮਨਜਿੰਦਰ ਕੌਰ,ਜੁਝਾਰ ਲੌਂਗੋਵਾਲ ਵੱਲੋਂ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਹਾਸੋਹੀਣੇ ਤਰੀਕੇ ਨਾਲ ਸਕੂਲਾਂ ਦੀਆਂ ਕੰਧਾਂ ਅਤੇ ਪਖਾਨਿਆਂ ਦੀ ਰਿਪੇਅਰ ਨੂੰ ਵੱਡੇ ਪੱਧਰ ਉੱਤੇ ਉਦਘਾਟਨਾਂ ਰਾਹੀਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਜ਼ਮੀਨੀ ਪੱਧਰ ਉੱਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੇ ਪੱਧਰ ਉੱਤੇ ਅਧਿਆਪਕਾਂ,ਕਿਤਾਬਾਂ ਵਰਗੀਆਂ ਮੁੱਢਲੀਆਂ ਲੋੜਾਂ ਤੋਂ ਵਾਂਝੇ ਹਨ। ਪੰਜਾਬ ਭਰ ਦੇ ਹਜ਼ਾਰਾਂ ਸਕੂਲ ਮੁਖੀਆਂ ਤੋਂ ਵਾਂਝੇ ਹਨ।

ਇਸੇ ਤਰ੍ਹਾਂ ਸੈਂਕੜੇ ਬਲਾਕ ਅਤੇ ਬਹੁ ਗਿਣਤੀ ਜ਼ਿਲ੍ਹੇ ਬਲਾਕ ਸਿੱਖਿਆ ਅਫਸਰਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੋਂ ਵਾਂਝੇ ਹਨ।ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ, ਸਹਾਇਕ ਅਧਿਆਪਕਾਂ, ਐਨ.ਐੱਸ. ਕਿਊ.ਐੱਫ. ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲਾਂ ਸਮੇਤ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਤੋਂ ਲਗਾਤਾਰ ਆਨਾਕਾਨੀ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਢੇ ਬਸਤੇ ਪਾਉਣ ਅਤੇ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਅਖੌਤੀ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਹਾਲੇ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਵੀ ਜਾਰੀ ਨਹੀਂ ਕਰ ਸਕੀ। ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਹੋਏ ਭੱਤੇ ਅਤੇ ਏ.ਸੀ.ਪੀ. ਸਕੀਮ ਨੂੰ ਬਹਾਲ ਕਰਨ ਅਤੇ ਨਵੇਂ ਤਨਖਾਹ ਸਕੇਲਾਂ ਤਹਿਤ ਤਨਖਾਹ ਕਟੌਤੀ ਰੱਦ ਕਰਨ ਤੋਂ ਇਨਕਾਰੀ ਹੋ ਚੁੱਕੀ ਹੈ। ਉਨ੍ਹਾਂ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਪ੍ਰਬੰਧਕੀ ਕਮੇਟੀ ਵੱਲੋਂ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਆਪਣੇ ਹੱਕ ਮੰਗਦੇ ਅਧਿਆਪਕਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਜ਼ਬਰੀ ਜੇਲੀਂ ਡੱਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲਿਫਾਫੇਬਾਜ਼ੀ ਲੋਕਾਂ ਸਾਹਮਣੇ ਆ ਚੁੱਕੀ ਹੈ ਜ਼ੋ ਕਿ ਜ਼ਿਆਦਾ ਦੇਰ ਨਹੀਂ ਚੱਲੇਗੀ।

ਕੰਪਿਊਟਰ ਅਧਿਆਪਕ ਵਿਭਾਗ ਵਿੱਚੋਂ ਖਾਲੀ ਹੱਥ ਸੇਵਾ ਮੁਕਤ ਹੋ ਰਹੇ ਹਨ। ਸਹਾਇਕ ਅਧਿਆਪਕ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਨ ਲਈ ਮਜ਼ਬੂਰ ਹਨ। ਅਧਿਆਪਕ ਆਗੂਆਂ ਨੇ ਈ.ਟੀ.ਟੀ. ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਅਤੇ ਮਾਸਟਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਸਮੇਂ ਸਟੇਸ਼ਨ ਚੋਣ ਦਾ ਹੱਕ ਖੋਹਣ ਨੂੰ ਜਮੂਹਰੀਅਤ ਦਾ ਘਾਣ ਦੱਸਦਿਆਂ ਇਹ ਹੱਕ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਨਾਇਬ ਸਿੰਘ ਰਟੋਲਾਂ,ਸੁਖਚੈਨ ਸਿੰਘ ਅਤੇ ਸਤਨਾਮ ਉਭਾਵਾਲ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਇਸ ਸਮੇਂ ਉਕਤ ਆਗੂਆਂ ਤੋਂ ਬਿਨਾਂ ਵੱਡੀ ਗਿਣਤੀ ਵਿੱਚ ਅਧਿਆਪਕ,ਕਿਸਾਨ,ਵਿਦਿਆਰਥੀ ਆਗੂ ਅਤੇ ਕਾਰਕੁਨ ਸ਼ਾਮਿਲ ਸਨ।

 

Leave a Reply

Your email address will not be published. Required fields are marked *