ਵੱਡਾ ਖੁਲਾਸਾ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਨਾਲੋਂ 13% ਘੱਟ ਮਿਲ ਰਿਹੈ DA
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ DA ਦੇਣ ਦੇ ਮਾਮਲੇ ‘ਚ ਕੇਂਦਰ ਅਤੇ ਬਹੁਤ ਸਾਰੇ ਰਾਜਾਂ ਨਾਲੋਂ ਪਛੜਿਆ ਪੰਜਾਬ!
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ 23 ਅਪ੍ਰੈਲ ਨੂੰ
1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਅਤੇ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਕੀਤੇ ਜਾਣਗੇ ਫੈਸਲੇ
ਪੰਜਾਬ ਨੈੱਟਵਰਕ, ਮੋਗਾ
ਪੰਜਾਬ ਪੈਨਸ਼ਨਰਜ਼ ਯੂਨੀਅਨ ( ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ) ਦੇ ਸੂਬਾਈ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਅਤੇ ਗੁਰਜੀਤ ਸਿੰਘ ਘੋੜੇਵਾਹ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਅਡੀਸ਼ਨਲ ਜਨਰਲ ਸਕੱਤਰ ਸਤਿਆ ਪਾਲ ਗੁਪਤਾ , ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਭੁਪਿੰਦਰ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਸੂਬਾ ਕਮੇਟੀ ਦੀ ਮਹੀਨਾਵਾਰ ਮੀਟਿੰਗ ਮਿਤੀ 23 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10-30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਨੇੜੇ ਬੱਸ ਸਟੈਂਡ ਮੋਗਾ ਵਿਖੇ ਰੱਖੀ ਗਈ ਹੈ।
ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਕੇਂਦਰ ਅਤੇ ਬਹੁਤ ਸਾਰੇ ਰਾਜਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 13 ਫੀਸਦੀ ਡੀ ਏ ਘੱਟ ਲੈ ਰਹੇ ਹਨ ਤੇ ਦੂਸਰੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਬਹੁਤ ਸਾਰੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਪੰਜਾਬ ਨੂੰ ਵਿਕਾਸ ਦੇ ਰਾਹ ਤੇ ਲੈ ਕੇ ਜਾਣ ਦੇ ਅਖੌਤੀ ਦਾਅਵਾ ਕਰ ਰਹੇ ਹਨ।
ਆਗੂਆਂ ਨੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਪੈਨਸ਼ਨਰਾਂ ਨੂੰ ਵੱਖ ਵੱਖ ਉਮਰ ਗਰੁੱਪਾਂ ਵਿੱਚ ਵੰਡ ਕੇ ਲੀਰੋ ਲੀਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਦੇ ਬਾਵਜੂਦ ਪੈਨਸ਼ਨਾਂ ਲਈ 2 .59 ਦਾ ਗੁਨਾਕ ਲਾਗੂ ਨਹੀਂ ਕੀਤਾ ਜਾ ਰਿਹਾ , ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ, ਕਿਸੇ ਵੀ ਕੱਚੇ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਸਕੀਮ ਵਰਕਰਾਂ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਪਿਛਲੇ ਐਕਸ਼ਨਾਂ ਦਾ ਲੇਖਾ ਜੋਖਾ ਕੀਤਾ ਜਾਵੇਗਾ , 1ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਸਬੰਧੀ ਅਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਦੇਸ਼ ਭਰ ਦੀਆਂ ਜਥੇਬੰਦੀਆਂ ਵੱਲੋਂ 20 ਮਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਫੈਸਲੇ ਲਏ ਜਾਣਗੇ।
ਉਹਨਾਂ ਅੱਗੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਮੂਹ ਜ਼ਿਲ੍ਹਾ ਬਾਡੀਆਂ/ਬ੍ਰਾਂਚਾਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਸ਼ਾਮਲ ਹੋਣਗੇ।