ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦਾ ਕਹਿਰ, 3 ਲੋਕਾਂ ਦੀ ਮੌਤ- ਕਈ ਜ਼ਖਮੀ
ਚੰਡੀਗੜ੍ਹ
ਪੰਜਾਬ ਦੇ ਅੰਦਰ ਇੱਕ ਵਾਰ ਫਿਰ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ ਵੱਖ ਵੱਖ ਘਟਨਾਵਾਂ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।
ਦੂਜੇ ਪਾਸੇ ਸੰਗਰੂਰ ਦੇ ਡੀਸੀ ਸੰਦੀਪ ਰਿਸ਼ੀ ਨੇ ਇਨ੍ਹਾਂ ਮੌਤਾਂ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ’ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੀ ਸ਼ਾਮ ਆਏ ਭਾਰੀ ਝੱਖੜ ਕਾਰਨ ਰੁੱਖਾਂ ਅਤੇ ਖੰਭਿਆਂ ਦੇ ਡਿੱਗਣ ਕਾਰਨ ਧੂਰੀ ਨਾਲ ਸਬੰਧਤ 5 ਵਿਅਕਤੀ ਵੱਖ-ਵੱਖ ਥਾਵਾਂ ’ਤੇ ਵਾਪਰੇ ਹਾਦਸਿਆਂ ਕਾਰਨ ਜ਼ਖ਼ਮੀ ਹੋ ਗਏ ਸਨ।
ਜਿਨ੍ਹਾਂ ਵਿੱਚੋਂ ਚਰਨ ਸਿੰਘ ਵਾਸੀ ਬੇਨੜਾ ਅਤੇ ਪ੍ਰਿਤਪਾਲ ਸਿੰਘ ਵਾਸੀ ਵਾਰਡ ਨੰਬਰ 4 ਧੂਰੀ ਦੀ ਸਿਵਲ ਹਸਪਤਾਲ ਧੂਰੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਦੇ ਪਿੰਡ ਮਾਝਾ ਵਿਖੇ ਪੋਲਟਰੀ ਫਾਰਮ ਦੇ ਸ਼ੈੱਡ ਦੇ ਡਿੱਗਣ ਕਾਰਨ 68 ਸਾਲਾਂ ਦੇ ਗੁਰਚਰਨ ਸਿੰਘ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ।
ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ
ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।