ਪੰਜਾਬ ‘ਚ ਰੈੱਡ ਅਲਰਟ ਜਾਰੀ! ਅੱਤਵਾਦੀ ਹਮਲੇ ਮਗਰੋਂ ਸੀਐੱਮ ਮਾਨ ਨੇ ਵੀ ਲਿਆ ਵੱਡਾ ਫ਼ੈਸਲਾ
ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਭਰ ਵਿੱਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਕਾਨੂੰਨ ਦੀ ਉਲੰਘਣਾ ਨਾ ਕਰੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਫੌਜ, ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚਕਾਰ ਸੰਪੂਰਨ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਸਰਹੱਦ ਉੱਤੇ ਸੂਬਾਈ ਪੁਲਿਸ ਦੇ ਰੂਪ ਵਿੱਚ ਦੂਜੀ ਕਤਾਰ ਵਿੱਚ ਮਜ਼ਬੂਤ ਰੱਖਿਆ ਲਾਈਨ ਹੈ, ਜੋ ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟਾ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਹਮਲਾ ਇੱਕ ਘਿਨਾਉਣਾ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਇਜਾਜ਼ਤ ਨਹੀਂ ਦਿੰਦਾ।
ਉਨ੍ਹਾਂ ਕਿਹਾ ਕਿ ਇਹ ਹਿੰਸਾ ਮਨੁੱਖਤਾ ਵਿਰੁੱਧ ਜੁਰਮ ਹੈ ਅਤੇ ਧਰਮ, ਖੇਤਰ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਦੀ ਪਰਵਾਹ ਕੀਤੇ ਬਿਨਾਂ ਹਰ ਕੋਈ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਹੈ, ਇਸ ਲਈ ਸੂਬਾ ਪੂਰੀ ਤਰ੍ਹਾਂ ਚੌਕਸ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਉੱਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੇਦੋਸ਼ੇ ਸੈਲਾਨੀਆਂ ‘ਤੇ ਇਹ ਅਤਿਵਾਦੀ ਹਮਲਾ ਇੱਕ ਜ਼ਾਲਮਾਨਾ ਅਤੇ ਅਣਮਨੁੱਖੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਤਿਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ।
ਇਸ ਦੌਰਾਨ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਹਾਸਲ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਅਤੇ ਇੱਕ ਜ਼ਿਲ੍ਹੇ ਨੂੰ ਦੂਜੇ ਜ਼ਿਲ੍ਹੇ ਨਾਲ ਜੋੜਦੇ ਪੁਆਇੰਟਾਂ ‘ਤੇ ਖ਼ਾਸ ਕਰ ਕੇ ਸੰਵੇਦਨਸ਼ੀਲ ਇਲਾਕਿਆਂ ‘ਤੇ ਚੈਕਿੰਗ ਅਤੇ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਅਤੇ ਅਤਿਵਾਦੀਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਸੂਬੇ ਤੋਂ ਸੈਲਾਨੀਆਂ ਨੂੰ ਵਾਪਸ ਲਿਆਉਣ ਲਈ ਜੰਮੂ-ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਦਾ ਇੱਕ ਗਠਜੋੜ ਡਰੋਨਾਂ ਰਾਹੀਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।