ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ ਜਾਰੀ; 7ਵੇਂ ਪੇ-ਸਕੇਲ ਲਈ ਮੰਤਰੀ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਨੈੱਟਵਰਕ, ਪਟਿਆਲਾ-
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਦਿਨ ਰਾਤ ਦਾ ਚਲਦਾ ਧਰਨਾ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ।
ਹਾਲਾਂਕਿ ਕੱਲ ਯੂਨੀਵਰਸਿਟੀ ਅਥਾਰਟੀ ਵੱਲੋਂ ਕੰਟਰੈਕਟ ਅਧਿਆਪਕਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ, ਪ੍ਰੰਤੂ ਮੀਟਿੰਗ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਕੰਟਰੈਕਟ ਅਧਿਆਪਕਾਂ ਨੂੰ ਸੱਤਵਾਂ ਪੇ ਕਮਿਸ਼ਨ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ।
ਨਤੀਜਤਨ ਕੰਟਰੈਕਟ ਅਧਿਆਪਕ ਵਾਪਸ ਧਰਨੇ ਤੇ ਪਰਤ ਆਏ। ਪੁਕਟਾ ਯੂਨੀਅਨ ਵੱਲੋਂ ਅੱਜ ਚੇਅਰਮੈਨ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਉਚੇਰੀ ਸਿੱਖਿਆ ਮੰਤਰੀ ਭਾਰਤ ਸਰਕਾਰ ਅਤੇ ਪੰਜਾਬ ਰਾਜਪਾਲ ਨੂੰ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪੱਤਰ ਭੇਜੇ ਗਏ ਹਨ ਅਤੇ ਕੰਟਰੈਕਟ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕੀ ਆ ਰਹੀ ਮੰਗਾਂ ਨੂੰ ਪੂਰਨ ਕਰਨ ਲਈ ਗੁਹਾਰ ਲਗਾਈ ਗਈ ਹੈ।
ਪੁਕਟਾ ਜਥੇਬੰਦੀ ਦੇ ਉਪ ਪ੍ਰਧਾਨ ਡਾ. ਤਜਿੰਦਰਪਾਲ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਜਦੋਂ ਤੱਕ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਕੰਟਰੈਕਟ ਅਧਿਆਪਕਾਂ ਨਾਲ ਕੀਤਾ ਜਾਂਦਾ ਵਿਤਕਰਾ ਖ਼ਤਮ ਨਹੀਂ ਕੀਤਾ ਜਾਂਦਾ ਅਤੇ ਉਹਨਾਂ ਤੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸਬੰਧੀ ਨਿਯਮ ਪਾਸ ਨਹੀਂ ਕੀਤਾ ਜਾਂਦਾ ਉਦੋਂ ਤੱਕ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਉਣ ਵਾਲੇ ਸਮੇਂ ਵਿੱਚ ਉਹਨਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਗੱਲ ਵੀ ਆਖੀ।
ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅੱਜ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਸਾਡੇ ਤੇ ਸੱਤਵਾਂ ਸਕੇਲ ਲਗਾਓਣ ਲਈ ਕਹਿਣ ਸੰਬੰਧੀ ਬੇਨਤੀ ਕੀਤੀ। ਉਹਨਾਂ ਹਾਂ ਪੱਖੀ ਹੁੰਗਾਰਾ ਦਿੱਤਾ।