All Latest NewsNews FlashPunjab News

ਅਖੌਤੀ ਸਿੱਖਿਆ ਕ੍ਰਾਂਤੀ! DTF ਨੇ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਦੇ ਫ਼ੂਕੇ ਪੁਤਲੇ

 

ਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਖਿਲਾਫ਼ ਡੀਟੀਐੱਫ ਵੱਲੋਂ ਅਰਥੀ ਫੂਕ ਪ੍ਰਦਰਸ਼ਨ

5994 ਭਰਤੀ ‘ਚੋਂ 2994 ਬੈਕਲਾਗ ਭਰਤੀ ਲਈ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ: ਡੀ ਟੀ ਐੱਫ

ਅਖੌਤੀ ਸਿੱਖਿਆ ਕ੍ਰਾਂਤੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਸਰਕਾਰ: ਡੀ ਟੀ ਐੱਫ

ਦਲਜੀਤ ਕੌਰ, ਸੰਗਰੂਰ:

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 19 ਅਪ੍ਰੈਲ ਨੂੰ 5994 ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਦੇ ਖ਼ਿਲਾਫ਼ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਇਸ ਨੂੰ ਗੈਰ ਮਨੁੱਖੀ ਤਸ਼ੱਦਦ ਕਰਾਰ ਦਿੰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਸੰਗਰੂਰ ‘ਚ ਇਕੱਤਰਤਾ ਕੀਤੀ ਗਈ ਅਤੇ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਅਖੌਤੀ ਸਿੱਖਿਆ ਕ੍ਰਾਂਤੀ, ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ।

ਇਸ ਦੌਰਾਨ ਪਹਿਲਗਾਮ (ਕਸ਼ਮੀਰ) ਵਿਖੇ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਫੁੱਟ ਪਾਉ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਨੰਦਪੁਰ ਸਾਹਿਬ ਦੇ ਐੱਸ ਐੱਚ ਓ ਦਾਨਿਸ਼ ਵੀਰ ਵੱਲੋਂ ਇੱਕ ਅਧਿਆਪਕ ਦੇ ਸ਼ਰੇਆਮ ਥੱਪੜ ਮਾਰੇ ਗਏ, ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਵੇਲੇ ਬੱਸ ਚੜ੍ਹਾਉਂਦਿਆਂ ਸਮੇਂ ਘੜੀਸਿਆ ਗਿਆ ਅਤੇ ਠੁੱਡੇ ਮਾਰੇ ਗਏ ਅਤੇ ਇੱਕ ਹੋਰ ਪੁਲਿਸ ਕਰਮੀ ਵੱਲੋਂ ਇੱਕ ਅਧਿਆਪਕ ਦੀ ਹਿੱਕ ਉੱਪਰ ਗੋਡੇ ਰੱਖ ਕੇ ਬੈਠਿਆ ਗਿਆ। ਸਰਕਾਰ ਦੀ ਸ਼ਹਿ ਉਪਰ ਬੇਰੁਜ਼ਗਾਰ ਅਧਿਆਪਕਾਂ ਨੂੰ ਥਾਣੇ ਵਿੱਚ ਲਿਜਾ ਕੇ ਗਾਲੀ ਗਲੋਚ ਕੀਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਪਰ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰੱਖਣ ਬਾਰੇ ਬੇਸ਼ਰਮੀ ਭਰੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਇਸ ਮੌਕੇ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਸੂਬਾ ਕਮੇਟੀ ਮੈਂਬਰ ਦਲਜੀਤ ਸਫੀਪੁਰ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੰਘਰਸ਼ ਕਰ ਰਹੇ ਹਰੇਕ ਵਰਗ ਦੇ ਲੋਕਾਂ ਖਿਲਾਫ ਪਿਛਲੇ ਸਮੇਂ ਵਿੱਚ ਪੁਲਿਸ ਨੂੰ ਖੁੱਲ੍ਹ ਦੇ ਕੇ ਉਹਨਾਂ ਦੇ ਸੰਘਰਸ਼ ਨੂੰ ਕੁਚਲਣ ਦੀ ਕੋਸ਼ਿਸ ਕਰ ਰਹੀ ਹੈ ਅਤੇ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵੱਲ ਵੱਧ ਰਹੀ ਹੈ। ਇਸੇ ਤਹਿਤ ਹੀ ਮਿੱਥ ਕੇ 5994 ਭਰਤੀ ਨਾਲ ਸਬੰਧਤ ਬੇਰੁਜ਼ਗਾਰ ਅਧਿਆਪਕਾਂ ਉੱਪਰ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ ਅਤੇ ਪੰਜਾਬ ਦੇ ਸੰਘਰਸ਼ ਕਰ ਰਹੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਪੰਜਾਬ ਸਰਕਾਰ ਨੂੰ ਪੰਜਾਬ ਦੀ ਸੰਘਰਸ਼ਮਈ ਵਿਰਾਸਤ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਜਿੰਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਹੈ, ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਚੱੱਲ ਰਹੀਆਂ ਸਾਰੀਆਂ ਭਰਤੀਆਂ ਦੇ ਰਹਿੰਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਨਿਯੁਕਤੀ ਪੱਤਰ ਪ੍ਰਾਪਤ ਕਰ ਚੁੱਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ।

ਇਸ ਮੌਕੇ ਡੀਟੀਐੱਫ ਦੇ ਜ਼ਿਲ੍ਹਾ ਆਗੂਆਂ ਕੁਲਵੰਤ ਖਨੌਰੀ, ਕਰਮਜੀਤ ਨਦਾਮਪੁਰ, ਬਲਵਿੰਦਰ ਚੀਮਾ, ਗੁਰਦੀਪ ਚੀਮਾ, ਕੰਵਲਜੀਤ ਸਿੰਘ, ਦੀਨਾ ਨਾਥ, ਸੁਖਬੀਰ ਸਿੰਘ ਨੇ ਕਿਹਾ ਕਿ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਕੂਲਾਂ ਵਿੱਚ ਉਦਘਾਟਨੀ ਪੱਥਰ ਲਗਾ ਕੇ ਸਿੱਖਿਆ ਕ੍ਰਾਂਤੀ ਦੇ ਜਾ ਰਹੇ ਪ੍ਰਚਾਰ ਨੂੰ ਅਸਲ ਸੱਚਾਈ ਤੋਂ ਕੋਹਾਂ ਦੂਰ ਐਲਾਨਦਿਆਂ ਵੱਡੀ ਗਿਣਤੀ ਵਿੱਚ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਥਾਨਕ ਹਲਾਤਾਂ ਅਨੁਸਾਰ ਸਿੱਖਿਆ ਨੀਤੀ ਅਤੇ ਵਿੱਦਿਅਕ ਕਲੰਡਰ ਬਣਾਉਣ ਦੀ ਥਾਂ ਕੇਂਦਰ ਸਰਕਾਰ ਦੀ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਪੱਖੀ ਸਿੱਖਿਆ ਨੀਤੀ ਰਾਹੀਂ ਸਿੱਖਿਆ ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ‘ਤੇ ਗੈਰ ਵਿੱਦਿਅਕ ਕੰਮਾਂ ਦੀ ਭਰਮਾਰ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 6635 ਈਟੀਟੀ ਟੀਚਰ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਨਾਲ ਮਿਲ ਕੇ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ 4 ਮਈ ਨੂੰ ਹੋਣ ਜਾ ਰਹੇ ਚਿਤਾਵਨੀ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਮੌਕੇ ਜਸਵੀਰ ਸਫੀਪੁਰ, ਲਾਲ ਸਿੰਘ, ਹਰਮੀਤ ਸਿੰਘ, ਵੀਰਪਾਲ ਸਿੰਘ, ਏਕਮ ਸਿੰਘ, ਕੰਵਰਜੀਤ ਸਿੰਘ, ਸੁਖਦੇਵ ਸਿੰਘ, ਅਮ੍ਰਿਤ ਸਿੰਘ, ਸਾਦਿਕ ਖਾਂ, ਪਵਨ ਕੁਮਾਰ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਸਤਿਗੁਰ ਸਿੰਘ, ਰਮਨ ਕੁਮਾਰ, ਰਾਜ ਸਿੰਘ, ਮਨਜੀਤ ਲਹਿਰਾ, ਅਸ਼ਵਨੀ ਕੁਮਾਰ, ਭੁਪਿੰਦਰ ਸਿੰਘ, ਬੀਰਬਲ ਸਿੰਘ, ਪਰਵੀਨ ਕੁਮਾਰ, ਲਲਿਤ ਕੁਮਾਰ, ਤਰੁਣ ਸ਼ਰਮਾ, ਪਰਗਟ ਸਿੰਘ, ਗੁਰਦੀਪ ਸਿੰਘ, ਜਸਵੀਰ ਸਿੰਘ, ਪ੍ਰਭਦੀਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਭੁੱਕਲ ਅਤੇ ਕਲਰਕ ਸੁਰਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।ਅਤੇ ਪੰਜਾਬ ਸਰਕਾਰ ਦੇ ਫ਼ੂਕੇ ਪੁਤਲੇ

Leave a Reply

Your email address will not be published. Required fields are marked *