5994 ਭਰਤੀ ‘ਚੋਂ 2994 ਬੈਕਲਾਗ ਭਰਤੀ ਲਈ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ- ਡੀ.ਟੀ.ਐੱਫ
ਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਖਿਲਾਫ਼ ਡੀ ਟੀ ਐੱਫ ਵੱਲੋਂ ਅਰਥੀ ਫੂਕ ਪ੍ਰਦਰਸ਼ਨ
ਅਖੌਤੀ ਸਿੱਖਿਆ ਕ੍ਰਾਂਤੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਸਰਕਾਰ – ਡੀ ਟੀ ਐੱਫ
ਕਿਰਤੀ ਕਿਸਾਨ ਯੂਨੀਅਨ ਸੰਗਰੂਰ ਦੇ ਜ਼ਿਲਾ ਆਗੂ ਮਾਸਟਰ ਨਿਰਭੈ ਸਿੰਘ ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਸਖਤ ਨਿੰਦਾ
ਪੰਜਾਬ ਨੈੱਟਵਰਕ, ਮਾਲੇਰਕੋਟਲਾ
19 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 5994 ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੌਕੇ ਦੇ ਐੱਸ ਐੱਚ ਓ ਦਾਨਿਸ਼ ਵੀਰ ਵੱਲੋਂ ਇੱਕ ਅਧਿਆਪਕ ਦੇ ਸ਼ਰੇਆਮ ਥੱਪੜ ਮਾਰੇ ਗਏ, ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਵੇਲੇ ਬੱਸ ਚੜ੍ਹਾਉਂਦਿਆਂ ਸਮੇਂ ਘੜੀਸਿਆ ਗਿਆ ਅਤੇ ਠੁੱਡੇ ਮਾਰੇ ਗਏ ਅਤੇ ਇੱਕ ਹੋਰ ਪੁਲਿਸ ਕਰਮੀ ਵੱਲੋਂ ਇੱਕ ਅਧਿਆਪਕ ਦੀ ਹਿੱਕ ਉੱਪਰ ਗੋਡੇ ਰੱਖ ਕੇ ਬੈਠਿਆ ਗਿਆ। ਸਰਕਾਰ ਦੀ ਸ਼ਹਿ ਉਪਰ ਬੇਰੁਜ਼ਗਾਰ ਅਧਿਆਪਕਾਂ ਨੂੰ ਥਾਣੇ ਵਿੱਚ ਲਿਜਾ ਕੇ ਗਾਲੀ ਗਲੋਚ ਕੀਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਪਰ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰੱਖਣ ਬਾਰੇ ਬੇਸ਼ਰਮੀ ਭਰੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਇਸ ਨੂੰ ਗੈਰ ਮਨੁੱਖੀ ਤਸ਼ੱਦਦ ਕਰਾਰ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵਿਕਰਮ ਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਲਾਂਗੜੀਆਂ ਦੀ ਅਗਵਾਈ ਹੇਠ ਡੀਸੀ ਦਫ਼ਤਰ, ਮਾਲੇਰਕੋਟਲਾ ਵਿਖੇ ਇਕੱਤਰਤਾ ਕੀਤੀ ਗਈ ਅਤੇ ਇੱਥੋਂ ਮਾਰਚ ਕਰਦੇ ਹੋਏ ਮੇਨ ਚੌਂਕ ਵਿਖੇ ਸਿੱਖਿਆ ਕ੍ਰਾਂਤੀ, ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਪਹਿਲਗਾਮ (ਕਸ਼ਮੀਰ) ਵਿਖੇ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਫੁੱਟ ਪਾਉ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੰਘਰਸ਼ ਕਰ ਰਹੇ ਹਰੇਕ ਵਰਗ ਦੇ ਲੋਕਾਂ ਖਿਲਾਫ ਪਿਛਲੇ ਸਮੇਂ ਵਿੱਚ ਪੁਲਿਸ ਨੂੰ ਖੁੱਲ੍ਹ ਦੇ ਕੇ ਉਹਨਾਂ ਦੇ ਸੰਘਰਸ਼ ਨੂੰ ਕੁਚਲਣ ਦੀ ਕੋਸ਼ਿਸ ਕਰ ਰਹੀ ਹੈ ਅਤੇ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵੱਲ ਵੱਧ ਰਹੀ ਹੈ। ਇਸੇ ਤਹਿਤ ਹੀ ਮਿੱਥ ਕੇ 5994 ਭਰਤੀ ਨਾਲ ਸਬੰਧਤ ਬੇਰੁਜ਼ਗਾਰ ਅਧਿਆਪਕਾਂ ਉੱਪਰ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ ਅਤੇ ਪੰਜਾਬ ਦੇ ਸੰਘਰਸ਼ ਕਰ ਰਹੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਪੰਜਾਬ ਸਰਕਾਰ ਨੂੰ ਪੰਜਾਬ ਦੀ ਸੰਘਰਸ਼ਮਈ ਵਿਰਾਸਤ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਜਿੰਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਹੈ, ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਚੱੱਲ ਰਹੀਆਂ ਸਾਰੀਆਂ ਭਰਤੀਆਂ ਦੇ ਰਹਿੰਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਨਿਯੁਕਤੀ ਪੱਤਰ ਪ੍ਰਾਪਤ ਕਰ ਚੁੱਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ।
ਇਸ ਮੌਕੇ ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਵਿਸ਼ੇਸ਼ ਤੌਰ ਪਹੁੰਚੇ ਜਿਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਕੂਲਾਂ ਵਿੱਚ ਉਦਘਾਟਨੀ ਪੱਥਰ ਲਗਾ ਕੇ ਸਿੱਖਿਆ ਕ੍ਰਾਂਤੀ ਦੇ ਜਾ ਰਹੇ ਪ੍ਰਚਾਰ ਨੂੰ ਅਸਲ ਸੱਚਾਈ ਤੋਂ ਕੋਹਾਂ ਦੂਰ ਐਲਾਨਦਿਆਂ ਵੱਡੀ ਗਿਣਤੀ ਵਿੱਚ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਥਾਨਕ ਹਲਾਤਾਂ ਅਨੁਸਾਰ ਸਿੱਖਿਆ ਨੀਤੀ ਅਤੇ ਵਿੱਦਿਅਕ ਕਲੰਡਰ ਬਣਾਉਣ ਦੀ ਥਾਂ ਕੇਂਦਰ ਸਰਕਾਰ ਦੀ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਪੱਖੀ ਸਿੱਖਿਆ ਨੀਤੀ ਰਾਹੀਂ ਸਿੱਖਿਆ ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ‘ਤੇ ਗੈਰ ਵਿੱਦਿਅਕ ਕੰਮਾਂ ਦੀ ਭਰਮਾਰ ਹੈ।
ਇਸ ਮੌਕੇ ਡੀ ਟੀ ਐੱਫ ਦੇ ਜਿਲ੍ਹਾ ਆਗੂਆ ਸੁਖਜੀਤ ਸਿੰਘ, ਮਨਜੀਤ ਸਿੰਘ, ਅਖ਼ਤਰ ਅਲੀ ਆਦਿ ਨੇ ਕਿਹਾ ਕਿ ਜਥੇਬੰਦੀ ਵੱਲੋਂ 6635 ਈਟੀਟੀ ਟੀਚਰ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਨਾਲ ਮਿਲ ਕੇ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ 4 ਮਈ ਨੂੰ ਹੋਣ ਜਾ ਰਹੇ ਚਿਤਾਵਨੀ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਜਿਲ੍ਹਾ ਕਮੇਟੀ ਮੈਬਰਾਂ ਨੇ ਸੰਗਰੂਰ ਜਿਲੇ ਦੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਸਟਰ ਨਿਰਭੈ ਸਿੰਘ ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਅਤੇ ਸੰਗਰੂਰ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਤੇ 5994 ਈ. ਟੀ.ਟੀ. ਬੇਰੁਜ਼ਗਾਰ ਅਧਿਆਪਕਾਂ ਦੇ ਸੂਬਾ ਆਗੂ ਬਲਵਿੰਦਰ ਸਿੰਘ ਕਾਕਾ,ਜਿਲ੍ਹਾ ਮਾਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਮੈਂਬਰ ਮੌਜੂਦ ਸਨ।