ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ਚ 3 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਚੰਡੀਗੜ੍ਹ-
ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਹੋਰ ਵਾਧਾ ਹੋ ਸਕਦਾ ਹੈ। 1 ਮਈ ਤਕ ਲੂ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਤੋਂ ਇਲਾਵਾ ਸੂਬੇ ਦੇ ਬਾਕੀ ਸਾਰਿਆਂ ਜ਼ਿਲ੍ਹਿਆਂ ਲਈ ਹੀ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਅਤੇ ਮਾਲੇਰਕੋਟਲਾ ਦੇ ਇਲਾਕਿਆਂ ਵਿਚ ਲੂ ਦਾ ਅਸਰ ਵੇਖਣ ਨੂੰ ਮਿਲੇਗਾ।
30 ਅਪ੍ਰੈਲ ਤੋਂ ਹੋਵੇਗੀ ਬਰਸਾਤ
ਮੌਸਮ ਵਿਭਾਗ ਮੁਤਾਬਕ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਵੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 30 ਅਪ੍ਰੈਲ ਤੋਂ ਸੂਬੇ ਦੇ ਕਈ ਹਿੱਸਿਆਂ ਵਿਚ ਬਾਰਿਸ਼ ਹੋਵੇਗੀ। ਵਿਭਾਗ ਵੱਲੋਂ 30 ਅਪ੍ਰੈਲ ਦੇ ਨਾਲ-ਨਾਲ 1 ਤੇ 2 ਮਈ ਨੂੰ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਇਨ੍ਹਾਂ ਤਿੰਨ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਤੇਜ਼ ਹਨੇਰੀ ਵੀ ਚੱਲ ਸਕਦੀ ਹੈ। ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੀਂਹ ਪੈਣ ਦੀ ਸੰਭਾਵਨਾ
30 ਅਪ੍ਰੈਲ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਇਸ ਤੋਂ ਇਲਾਵਾ, ਇਨ੍ਹਾਂ ਕੁਝ ਦਿਨਾਂ ਦੌਰਾਨ ਰਾਜ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।