ਸਿੱਖਿਆ ਵਿਭਾਗ ਵੱਲੋਂ 18 ਗੈਰ-ਮਾਨਤਾ ਪ੍ਰਾਪਤ ਸਕੂਲ ਬੰਦ ਕਰਨ ਦੇ ਹੁਕਮ
ਚੰਡੀਗੜ੍ਹ-
ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਵਿਭਾਗ ਦੇ ਸਖ਼ਤ ਰਵੱਈਏ ਕਾਰਨ ਅੰਬਾਲਾ ਜ਼ਿਲ੍ਹੇ ਵਿੱਚ ਚੱਲ ਰਹੇ 18 ਗੈਰ-ਮਾਨਤਾ ਪ੍ਰਾਪਤ ਸਕੂਲ ਬੰਦ ਕਰ ਦਿੱਤੇ ਗਏ ਹਨ ਜਦੋਂ ਕਿ ਇੱਕ ਗੈਰ-ਮਾਨਤਾ ਪ੍ਰਾਪਤ ਸਕੂਲ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਵਿਭਾਗੀ ਇਜਾਜ਼ਤ ਦੀ ਉਡੀਕ ਕੀਤੀ ਜਾ ਰਹੀ ਹੈ।
ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਸੁਧੀਰ ਕਾਲੜਾ ਨੇ 4 ਅਪਰੈਲ ਨੂੰ 33 ਗੈਰ-ਮਾਨਤਾ ਪ੍ਰਾਪਤ ਸਕੂਲਾਂ ਦੀ ਸੂਚੀ ਜਾਰੀ ਕਰਕੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਸਕੂਲਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਹਦਾਇਤ ਕੀਤੀ ਗਈ ਸੀ ਕਿ 33 ਪਛਾਣੇ ਗਏ ਗੈਰ-ਮਾਨਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ ਜੇ ਕੋਈ ਹੋਰ ਗੈਰ-ਮਾਨਤਾ ਪ੍ਰਾਪਤ ਸਕੂਲ ਚੱਲ ਰਿਹਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਰਿਪੋਰਟ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਦੇ ਦਫ਼ਤਰ ਨੂੰ ਭੇਜੀ ਜਾਵੇ।
ਇਸ ਦੌਰਾਨ ਸੱਤ ਹੋਰ ਗੈਰ ਮਾਨਤਾ ਪ੍ਰਾਪਤ ਸਕੂਲਾਂ ਬਾਰੇ ਪਤਾ ਲੱਗਾ ਅਤੇ ਬੀਈਓਜ਼ ਨੇ ਕੁੱਲ 40 ਸਕੂਲਾਂ ਦੀ ਰਿਪੋਰਟ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਨੂੰ ਸੌਂਪ ਦਿੱਤੀ। ਇਨ੍ਹਾਂ ਗੈਰ-ਮਾਨਤਾ ਪ੍ਰਾਪਤ ਸਕੂਲਾਂ ਨੂੰ ਤਰਕਪੂਰਨ ਦਸਤਾਵੇਜ਼ਾਂ ਦੇ ਆਧਾਰ ’ਤੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਵੀ ਦਿੱਤਾ ਗਿਆ।
ਕਾਲੜਾ ਨੇ ਕਿਹਾ ਕਿ ਵਿਭਾਗੀ ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਚੱਲ ਰਹੇ ਅਣਅਧਿਕਾਰਤ ਸਕੂਲਾਂ ਜਾਂ ਅਣਅਧਿਕਾਰਤ ਕਲਾਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਜੇ ਕਿਸੇ ਵੀ ਪ੍ਰਾਈਵੇਟ ਸਕੂਲ ਵਿੱਚ ਕੋਈ ਅਣਅਧਿਕਾਰਤ ਕਲਾਸਾਂ ਲੱਗੀਆਂ ਮਿਲੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਕਲੱਸਟਰ ਹੈੱਡ ਅਤੇ ਬੀਈਓ ਦੀ ਹੋਵੇਗੀ। ਉਹ ਅਜਿਹੇ ਸਕੂਲਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੇ ਹਨ।
ਪੰਜਾਬ ਵਿੱਚ ਵੀ ਗੈਰ-ਮਾਨਤਾ ਪ੍ਰਾਪਤ ਸਕੂਲਾਂ ਖਿਲਾਫ਼ ਸਖ਼ਤੀ
ਲੁਧਿਆਣਾ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਵੱਲੋਂ ਪਿਛਲੇ ਦਿਨੀਂ ਦੋ ਸਕੂਲ ਚੈੱਕ ਕੀਤੇ ਗਏ, ਜਿਨ੍ਹਾਂ ਕੋਲ ਨਾ ਆਰਟੀਈ ਦੀ ਮਾਨਤਾ ਤੇ ਨਾ ਹੀ ਯੂਡਾਈਸ ਕੋਡ ਸੀ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸੰਬੰਧਿਤ 2 ਸਕੂਲਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਬਲਾਕਾਂ ਦੇ ਬੀਪੀਓਜ਼ ਤੇ ਸੀਐੱਚਟੀ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਵਿੱਚ ਦਾਖਲਾ ਸਬੰਧੀ ਹੋਰ ਤੇਜ਼ੀ ਲਿਆਉਣ ਲਈ ਤੇ ਨਿੱਜੀ ਸਕੂਲਾਂ ਦੀ ਫਿਜੀਕਲ ਤੌਰ ’ਤੇ ਚੈਕਿੰਗ ਕਰ ਕੇ ਰਿਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਣ ਦੇ ਵੀ ਆਦੇਸ਼ ਦਿੱਤੇ ਗਏ। ਜੇ ਚੈਕਿੰਗ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਕਿਸੇ ਵੱਲੋਂ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਵੀ ਕਾਰਵਾਈ ਕਰਨ ਲਈ ਕਿਹਾ ਗਿਆ।
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਐਮ ਆਈ ਐਸ ਕੋਆਰਡੀਨੇਟਰ ਵਿਸ਼ਾਲ ਮਿੱਤਲ, ਸੁਧਾਰ ਬਲਾਕ ਦੇ ਬਲਦੇਵ ਸਿੰਘ ਆਦਿ ਟੀਮ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫਸਰ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਜੋ ਨਿੱਜੀ ਸਕੂਲ ਅਣ-ਅਧਿਕਾਰਿਤ ਤੌਰ ’ਤੇ ਜਾਂ ਬਿਨ੍ਹਾਂ ਆਰਟੀਈ, ਯੂਡਾਈਸ ਕੋਡ ਦੇ ਚੱਲ ਰਹੇ ਹਨ, ਉਨ੍ਹਾਂ ਸਕੂਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।